ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਰਜਤ ਅਗਰਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਹਿਦਾਇਤ
ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਰਜਤ ਅਗਰਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਹਿਦਾਇਤ
- ਅੱਜ ਸਰਕਟ ਹਾਊਸ ਵਿਖੇ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ
ਦਵਿੰਦਰ ਡੀ.ਕੇ,(ਲੁਧਿਆਣਾ), 10 ਦਸੰਬਰ (2021)
ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਰਜਤ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੌਕਸ ਰਹਿਣ ਦੀ ਹਿਦਾਇਤ ਕੀਤੀ। ਇਹ ਗੱਲ ਉਨ੍ਹਾਂ ਅੱਜ ਇੱਥੇ ਸਰਕਟ ਹਾਊਸ ਵਿਖੇ ਆਪਣੇ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਕਹੀ।
ਮੀਟਿੰਗ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਨੇ ਨਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ, ਗੈਰ-ਕਾਨੂੰਨੀ ਬੌਟਲਿੰਗ ਪਲਾਂਟ ਆਦਿ ਨਾਲ ਸਬੰਧਤ ਕੇਸਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੇਸਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਸਮੱਗਲਰਾਂ ਅਤੇ ਹੋਰ ਉਲੰਘਣਾ ਕਰਨ ਵਾਲਿਆਂ ਨੂੰ ਸਮੇਂ ਸਿਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਨੂੰ ਭਗੌੜਾ ਕਰਾਰ ਦੇਣ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਉਨ੍ਹਾਂ ਨੂੰ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਨਿਯਮਤ ਤੌਰ ‘ਤੇ ਸਮੀਖਿਆ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਭਾਗ ਦੇ ਅਧਿਕਾਰੀ ਸਾਰੇ ਹੋਟਲਾਂ, ਗੋਦਾਮਾਂ, ਰੈਸਟੋਰੈਂਟਾਂ ਆਦਿ ਦੀ ਚੈਕਿੰਗ ਕਰਨ ਤਾਂ ਜੋ ਉਥੇ ਨਾਜਾਇਜ਼ ਸ਼ਰਾਬ ਦਾ ਭੰਡਾਰ ਨਾ ਹੋ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸ਼ਰਾਬ ਦੀਆਂ ਕੀਮਤਾਂ ਦੀ ਜਾਂਚ ਕੀਤੀ ਜਾਵੇ ਅਤੇ ਕੋਈ ਵੱਧ ਵਸੂਲੀ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ, ਤਾਂ ਜੋ ਨਾਜਾਇਜ਼ ਸ਼ਰਾਬ ਦੀ ਤਸਕਰੀ ਜਾਂ ਭੰਡਾਰਨ ‘ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਜ਼ੀਰੋ ਟਾਲਰੈਂਸ ਦੀ ਨੀਤੀ ਅਪਨਾਉਣੀ ਚਾਹੀਦੀ ਹੈ ਅਤੇ ਕਿਸੇ ਵੀ ਪੱਖ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਸਾਰੇ ਛਾਪਿਆਂ ਦੀ ਆਪ ਅਗਵਾਈ ਕਰਨ।