PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਇਕ ਮਹੀਨੇ ਦੇ ਅੰਦਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਸੁਧਾਰ ਕੀਤਾ ਜਾਵੇ : ਚੰਦਰ ਗੇਂਦ

Advertisement
Spread Information

ਇਕ ਮਹੀਨੇ ਦੇ ਅੰਦਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਸੁਧਾਰ ਕੀਤਾ ਜਾਵੇ : ਚੰਦਰ ਗੇਂਦ

*ਡਵੀਜ਼ਨਲ ਕਮਿਸ਼ਨਰ ਪਟਿਆਲਾ ਨੇ ਸੰਗਰੂਰ ਵਿਖੇ ਸਿਵਲ ਹਸਪਤਾਲ ਦੇ ਨਿਰੀਖਣ ਦੌਰਾਨ ਸਿਹਤ ਅਧਿਕਾਰੀਆਂ ਦੀ ਕੀਤੀ ਖਿਚਾਈ

*ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ


ਹਰਪ੍ਰੀਤ ਕੌਰ ਬਬਲੀ, ਸੰਗਰੂਰ, 14 ਸਤੰਬਰ 2021

ਡਵੀਜ਼ਨਲ ਕਮਿਸ਼ਨਰ ਪਟਿਆਲਾ ਡਵੀਜ਼ਨ ਸ਼੍ਰੀ ਚੰਦਰ ਗੇਂਦ ਨੇ ਸਿਹਤ ਅਧਿਕਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ ਸਿਵਲ ਹਸਪਤਾਲ, ਸੰਗਰੂਰ ਵਿੱਚ ਸੁਧਾਰ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਹਸਪਤਾਲ ਕੋਵਿਡ -19 ਵਾਇਰਸ ਦੀ ਤੀਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਿਆਰ ਹੋ ਸਕੇ।

ਸਿਵਲ ਹਸਪਤਾਲ ਵਿੱਚ ਐਮਰਜੈਂਸੀ ਅਤੇ ਕੋਵਿਡ ਕੇਅਰ ਵਾਰਡਾਂ ਵਿੱਚ ਸਿਹਤ ਸਹੂਲਤਾਂ ਦੀ ਉਪਲਬਧਤਾ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਗੇਂਦ ਨੇ ਸਾਫ਼-ਸਫਾਈ ਦੇ ਮਾੜੇ ਹਾਲਾਤ ਲਈ ਅਧਿਕਾਰੀਆਂ ਦੀ ਖਿਚਾਈ ਕੀਤੀ। ਉਨ੍ਹਾਂ ਸਿਵਲ ਸਰਜਨ ਨੂੰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇੱਕ ਮਹੀਨੇ ਬਾਅਦ ਮੁੜ ਹਸਪਤਾਲ ਦਾ ਦੌਰਾ ਕੀਤਾ ਜਾਵੇਗਾ।

ਉਨ੍ਹਾਂ ਆਕਸੀਜਨ ਜਨਰੇਸ਼ਨ ਪਲਾਂਟ, ਨਸ਼ਾ ਛੁਡਾਊ ਕੇਂਦਰ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਪਲਾਂਟਾਂ ਦੇ 24 ਘੰਟੇ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਓਟ ਕਲੀਨਿਕਾਂ ਨੂੰ ਕੈਪਟਨ ਸਰਕਾਰ ਦਾ ਇਨਕਲਾਬੀ ਕਦਮ ਕਰਾਰ ਦਿੰਦਿਆਂ ਸ਼੍ਰੀ ਗੇਂਦ ਨੇ ਕਿਹਾ ਕਿ ਇਹ ਕਲੀਨਿਕ ਨਸ਼ਿਆਂ ਦੇ ਆਦੀ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ ਕਿਉਂਕਿ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਪੀੜਤ ਲੋਕ ਇਨ੍ਹਾਂ ਕੇਂਦਰਾਂ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ।

ਡਵੀਜ਼ਨਲ ਕਮਿਸ਼ਨਰ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ, ਸੰਗਰੂਰ ਰਾਮਵੀਰ ਵੀ ਮੌਜੂਦ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮਾਡਲ ਖੇਡ ਦੇ ਮੈਦਾਨਾਂ ਦਾ ਨਿਰਮਾਣ, ਪਿੰਡਾਂ ਵਿੱਚ ਬੂਟੇ ਲਗਾਉਣ, ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ, ਵਿੱਦਿਅਕ ਯੋਜਨਾਵਾਂ ਆਦਿ ਸਮੇਤ ਕਈ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਵਿੱਚ ਰਾਜ ਸਰਕਾਰ ਦੇ ਟੀਕਾਕਰਨ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਸਮੀਖਿਆ ਵੀ ਕੀਤੀ ਅਤੇ ਜ਼ਿਲ੍ਹੇ ਵਿੱਚ ਟੀਕੇ ਦੀਆਂ 20,000 ਖੁਰਾਕਾਂ ਦੀ ਰੋਜ਼ਾਨਾ ਉਪਲਬਧਤਾ `ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦਾ ਵੱਧ ਤੋਂ ਵੱਧ ਟੀਕਾਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।

ਇਸ ਦੌਰਾਨ ਡਿਪਟੀ ਕਮਿਸ਼ਨਰ ਰਾਮਵੀਰ ਨੇ ਡਵੀਜ਼ਨਲ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣਗੇ, ਜਿਸ ਦੇ ਸਬੰਧ ਵਿੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ ਚੰਨਪ੍ਰੀਤ ਸਿੰਘ, ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ, ਸਿਵਲ ਸਰਜਨ ਡਾ. ਅੰਜਨਾ ਗੁਪਤਾ ਅਤੇ ਹੋਰ ਮੌਜੂਦ ਸਨ।        


Spread Information
Advertisement
Advertisement
error: Content is protected !!