ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਮੁਹਿੰਮ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ
ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਮੁਹਿੰਮ ਦਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ
ਜ਼ਿਲ੍ਹੇ ਦੇ ਹਰੇਕ ਬੂਥ ’ਤੇ ਦਿੱਤੀ ਜਾਵੇਗੀ ਵੋਟਿੰਗ ਮਸ਼ੀਨਾਂ ਸਬੰਧੀ ਸਿਖਲਾਈ- ਗੁਰਪ੍ਰੀਤ ਸਿੰਘ ਥਿੰਦ
ਰਾਜੇਸ਼ ਗੌਤਮ,ਪਟਿਆਲਾ 30 ਨਵੰਬਰ: 2021
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਮੁਹਿੰਮ ਦਾ ਉਦਘਾਟਨ ਕੀਤਾ। ਸੁਵਿਧਾ ਸੈਂਟਰ ਵਿਖੇ ਸਥਾਪਤ ਕੀਤੇ ਗਏ ਇਸ ਕੇਂਦਰ ਦਾ ਮਕਸਦ ਵੋਟਰਾਂ ਨੂੰ ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਵਰਤੋਂ ਕਰਨ ਦੀ ਸਿਖਲਾਈ ਦੇਣਾ ਹੈ।
ਇਸ ਮੌਕੇ ਏਡੀਸੀ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਹਰ ਪੱਖੋਂ ਜਾਗਰੂਕ ਕਰਨ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਦਾ ਮਕਸਦ ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦੇਣਾ ਅਤੇ ਵੋਟਰਾਂ ਨੂੰ ਹਰ ਹਾਲਤ ‘ਚ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਇਸ ਤਰ੍ਹਾਂ ਦੇ ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਲਈ ਕੇਂਦਰ ਸਥਾਪਤ ਕੀਤੇ ਗਏ ਹਨ। ਜੋ ਕੱਲ੍ਹ ਤੋਂ ਕਾਰਜਸ਼ੀਲ ਹੋ ਜਾਣਗੇ।
ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਵੋਟਰਾਂ ਦੇ ਤੌਂਖਲੇ ਦੂਰ ਕਰਨ ਸਬੰਧੀ ਜ਼ਿਲ੍ਹੇ ਦੇ 1166 ਬੂਥਾਂ ਉਪਰ ਵੀ ਸੈਕਟਰਾਂ ਅਫ਼ਸਰਾਂ ਵੱਲੋਂ ਵਿਸ਼ੇਸ਼ ਕੈਂਪ ਲਗਾਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਨੋਡਲ ਅਫ਼ਸਰ ਪੀ.ਡਬਲਿਯੂ.ਡੀ ਵੋਟਰਜ਼ ਕਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਇਲੈੱਕਸ਼ਨ ਤਹਿਸੀਲਦਾਰ ਰਾਮ ਜੀ ਲਾਲ, ਪਟਿਆਲਾ ਦਿਹਾਤੀ ਦੇ ਨੋਡਲ ਅਫ਼ਸਰ ਪ੍ਰੋ. ਨਰਿੰਦਰ ਸਿੰਘ ਢੀਂਡਸਾ, ਚੋਣ ਕਾਨੂੰਗੋ ਕੁਲਜੀਤ ਸਿੰਘ, ਸਹਾਇਕ ਨੋਡਲ ਅਫ਼ਸਰ ਸਵੀਪ ਡਾ. ਸੁਖਦਰਸ਼ਨ ਸਿੰਘ ਚਹਿਲ ਆਦਿ ਹਾਜ਼ਰ ਸਨ।
ਤਸਵੀਰ:- ਉਪ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਮਿੰਨੀ ਸਕੱਤਰੇਤ ਵਿਖੇ ਏ.ਵੀ.ਐਮ ਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਮੁਹਿੰਮ ਦਾ ਉਦਘਾਟਨ ਕਰਦੇ ਹੋਏ, ਨਾਲ ਹਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਤੇ ਹੋਰ।