Skip to content
Advertisement
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਜ਼ਬਰ ਦਾ ਮੁਕਾਬਲਾ ਸਬਰ ਨਾਲ ਕੀਤਾ: ਵਿਜੈ ਇੰਦਰ ਸਿੰਗਲਾ
* ਜਜ਼ਬੇ ਬੁਲੰਦ ਹੋਣ ਤਾਂ ਅਸੰਭਵ ਨੂੰ ਵੀ ਸੰਭਵ ਕੀਤਾ ਜਾ ਸਕਦਾ ਹੈ
ਸੰਗਰੂਰ, 26 ਨਵੰਬਰ:2021
ਕਿਸਾਨਾਂ ਨੇ ਕੇਂਦਰ ਸਰਕਾਰ ਦੇ ਜ਼ਬਰ ਦਾ ਮੁਕਾਬਲਾ ਸਬਰ ਨਾਲ ਕਰਦਿਆਂ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬ ਸਮੇਤ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨਾਂ ਦੇ ਇਸ ਹੌਂਸਲੇ ਅਤੇ ਦ੍ਰਿੜ੍ਹ ਇਰਾਦੇ ਲਈ ਮੈਂ ਉਨ੍ਹਾਂ ਨੂੰ ਤਹਿ ਦਿਲੋਂ ਸਲਾਮ ਕਰਦਾ ਹਾਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨ ਅੰਦੋਲਨ ਦੇ ਇਕ ਵਰ੍ਹਾ ਮੁਕੰਮਲ ਹੋਣ ਉਤੇ ਕੀਤਾ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਪਿਛਲੇ 1 ਵਰ੍ਹੇ ਤੋਂ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ‘ਤੇ ਆਪਣੀਆਂ ਹੱਕੀ ਮੰਗਾਂ ਲਈ ਬੈਠੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਧੱਕੇਸ਼ਾਹੀ ਦੇ ਇਨ੍ਹਾਂ ਕਿਸਾਨ ਵਿਰੋਧੀ ਫੈਸਲਿਆਂ ਕਾਰਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਹਨ ਜਿਨ੍ਹਾਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਗਰਮੀ, ਸਰਦੀ, ਮੀਂਹ, ਹਨੇਰੀ ਸਮੇਤ ਹੋਰ ਮੌਸਮੀ ਤੇ ਸਰਕਾਰੀ ਪੱਧਰ ਉੱਤੇ ਹੋਈ ਧੱਕੇਸ਼ਾਹੀ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਨੇ ਪੂਰੇ ਸਿਰੜ ਨਾਲ ਆਪਣੇ ਹੱਕਾਂ ਦੀ ਰਾਖੀ ਲਈ ਪਹਿਰਾ ਦਿੱਤਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਨੇ ਇੱਕ ਮਿਸਾਲ ਕਾਇਮ ਕੀਤੀ ਹੈ ਕਿ ਜੇਕਰ ਜਜ਼ਬੇ ਬੁਲੰਦ ਹੋਣ ਤਾਂ ਅਸੰਭਵ ਨੂੰ ਵੀ ਸੰਭਵ ਕੀਤਾ ਜਾ ਸਕਦਾ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨਾ ਪਿਆ ਅਤੇ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ ਦੇਣੀ ਪਈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ।
Advertisement
Advertisement
error: Content is protected !!