ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ
ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 11 ਜਨਵਰੀ:2022
ਕੋਵਿਡ-19 ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ ਜਿਸ ਕਾਰਨ ਸਾਨੂੰ ਲੋੜੀਂਦੀਆਂ ਸਾਵਧਾਨੀਆਂ ਅਪਣਾਉਣੀਆਂ ਚਾਹੀਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜਿਲ੍ਹੇ ਵਿੱਚੋਂ ਲਗਭਗ 04 ਲੱਖ ਤੋ ਵੱਧ ਸੈਂਪਲ ਇਕੱਤਰ ਕੀਤੇ ਗਏ ਜਿਨ੍ਹਾਂ ਵਿੱਚੋਂ 8500 ਕੇਸ ਕੋਰੋਨਾ ਪੋਜਟਿਵ ਪਾਏ ਗਏ ਹਨ ਅਤੇ ਜਿ਼ਲ੍ਹੇ ਵਿੱਚ ਹੁਣ 590 ਐਕਟਿਵ ਕੇਸ ਹਨ। ਡਾ: ਜਗਦੀਸ਼ ਸਿੰਘ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨੇਸ਼ਨ ਦੀਆਂ ਦੋ ਖੁਰਾਕਾਂ ਜਰੂਰ ਲਗਵਾਈਆਂ ਜਾਣ।
ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬਿਨਾਂ ਕਿਸੇ ਜਰੂਰੀ ਕੰਮ ਤੋਂ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ, ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣੇ ਚਾਹੀਦੇ ਹਨ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣੀ ਜਰੂਰੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਛੋਟੀਆਂ-ਛੋਟੀਆਂ ਸਾਵਧਾਨੀਆਂ ’ਤੇ ਅਮਲ ਕਰਨ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕਦਾ ਹੈ ਇਸ ਲਈ ਹਰੇਕ ਨਾਗਰਿਕ ਦਾ ਇਹ ਫਰ਼ਜ ਬਣਦਾ ਹੈ ਕਿ ਉਹ ਆਪ, ਆਪਣੇ ਪਰਿਵਾਰ ਅਤੇ ਆਲੇ ਦੁਆਲੇ ਦੀ ਸੁਰੱਖਿਆ ਲਈ ਇਹ ਸਾਵਧਾਨੀਆਂ ਜਰੂਰ ਅਪਣਾਈਆਂ ਜਾਣ।
ਡਿਪਟੀ ਮੈਡੀਕਲ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪ੍ਰਸ਼ਾਸ਼ਨ ਵੱਲੋਂ ਇੰਮਪੈਨਲਡ ਕੀਤੇ ਗਏ ਪ੍ਰਾਈਵੇਟ ਹਸਪਤਾਲਾਂ ਵਿੱਚ ਵੈਕਸੀਨੇਸ਼ਨ ਮੁਫਤ ਕੀਤੀ ਜਾਂਦੀ ਹੈ ਜੋ ਕਿ ਜਿ਼ਲ੍ਹੇ ਦੇ ਹਰੇਕ ਨਾਗਰਿਕ ਨੂੰ ਲੈਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 15-18 ਸਾਲ ਉਮਰ ਦੇ ਨੌਜਵਾਨ ਤੇ ਬੱਚਿਆਂ ਦਾ ਟੀਕਾਕਰਨ ਕਰਨ ਲਈ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਹੈ ਜਿਸ ਦਾ ਸਭ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਸਲਾਹ ਦਿੱਤੀ ਕਿ ਖਾਂਸੀ, ਜੁਕਾਮ ਜਾਂ ਬੁਖਾਰ ਹੋਣ ਦੀ ਸੂਰਤ ਵਿੱਚ ਨੇੜਲੀ ਸਰਕਾਰੀ ਸਿਹਤ ਸੰਸਥਾ ਤੋਂ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਇਲਾਜ ਕੀਤਾ ਜਾ ਸਕੇ।