ਕੋਵਿਡ ਦੇ ਮੱਦੇਨਜਰ ਫਾਜਿ਼ਲਕਾ ਜਿ਼ਲ੍ਹੇ ਵਿਚ 1 ਫਰਵਰੀ ਤੱਕ ਪਾਬੰਦੀਆਂ ਵਿਚ ਵਾਧਾ
ਕੋਵਿਡ ਦੇ ਮੱਦੇਨਜਰ ਫਾਜਿ਼ਲਕਾ ਜਿ਼ਲ੍ਹੇ ਵਿਚ 1 ਫਰਵਰੀ ਤੱਕ ਪਾਬੰਦੀਆਂ ਵਿਚ ਵਾਧਾ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 26 ਜਨਵਰੀ 2022
ਜਿ਼ਲ੍ਹਾ ਮੈਜਿਸਟ੍ਰੇਟ ਮੈਡਮ ਬਬੀਤਾ ਕਲੇਰ ਨੇ ਕੋਵਿਡ ਦੇ ਖਤਰੇ ਦੇ ਮੱਦੇਨਜਰ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 1 ਫਰਵਰੀ 2022 ਤੱਕ ਵਧਾ ਦਿੱਤੀਆਂ ਹਨ। ਇਸ ਤੋਂ ਬਿਨ੍ਹਾ ਅੰਦਰ (ਇੰਡੋਰ) ਅਤੇ ਬਾਹਰ (ਆਊਟਡੋਰ) 300 ਤੋਂ ਵੱਧ ਲੋਕਾਂ ਦੇ ਇੱਕਠ ਕਰਨ ਤੇ ਵੀ ਰੋਕ ਲਗਾਈ ਗਈ ਹੈ।ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।
ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਜਾਰੀ ਕੀਤਾ ਗਿਆ ਹੈ।
ਇਸੇ ਤਰਾਂ ਧਾਰਾ 144 ਤਹਿਤ ਜਾਰੀ ਇੰਨ੍ਹਾਂ ਹੁਕਮਾਂ ਅਨੁਸਾਰ ਗੈਰ ਜਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ। ਹਾਲਾਂਕਿ ਜਰੂਰੀ ਗਤੀਵਿਧੀਆਂ, ਸਮਾਨ ਦੀ ਢੌਆ ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ।ਇਸੇ ਤਰਾਂ ਬੱਸ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ।ਵੈਕਸੀਨ, ਸਿਹਤ ਯੰਤਰ ਅਤੇ ਟੈਸਟਿੰਗ ਕਿੱਟ ਦੀ ਆਵਾਜਾਈ `ਤੇ ਕੋਈ ਰੋਕ ਨਹੀਂ ਹੋਵੇਗੀ।
ਇਸੇ ਤਰਾਂ ਸਕੂਲ, ਕਾਲਜ, ਯੁਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ।ਮੈਡੀਕਲ ਤੇ ਨਰਸਿੰਗ ਕਾਲਜ ਰੋਜਾਨਾ ਦੇ ਆਧਾਰ `ਤੇ ਕੰਮ ਕਰਨਗੇ।
ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।
ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਪੂਰੀ ਤਰ੍ਹਾਂ ਵੈਕਸੀਨੇਟਿਡ, 72 ਘੰਟਿਆਂ ਪਹਿਲੀ ਵਾਲੀ ਆਰ.ਟੀ.ਪੀ.ਸੀ.ਆਰ ਨੈਗੇਟਿਵ ਰਿਪੋਰਟ ਵਾਲਿਆਂ ਨੂੰ ਹੀ ਜਿਲੇ੍ਹ ਅੰਦਰ ਆਉਣ ਦੀ ਇਜਾਜਤ ਹੋਵੇਗੀ।ਦਿਵਿਆਗ ਵਿਅਕਤੀ ਅਤੇ ਗਰਭਵਤੀ ਔਰਤਾਂ ਦਾ ਦਫਤਰ ਵਿਚ ਆਉਣ ਤੋਂ ਛੋਟ ਦਿੱਤੀ ਜਾ ਸਕਦੀ ਹੈ ਪਰ ਉਨ੍ਹਾਂ ਤੋਂ ਘਰ ਤੋਂ ਕੰਮ ਲਿਆ ਜਾ ਸਕਦਾ ਹੈ। ਇਹ ਹੁਕਮ 1 ਫਰਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।