ਕੋਵਿਡ ਵੈਕਸੀਨੇਸ਼ਨ ਲਈ10 ਦਿਨਾਂ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
ਕੋਵਿਡ ਵੈਕਸੀਨੇਸ਼ਨ ਲਈ10 ਦਿਨਾਂ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
- ਸੌ ਫੀਸਦੀ ਬਾਲਗਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣਾ ਜ਼ਰੂਰੀ: ਰਾਮਵੀਰ
- ਰਿਟਰਨਿੰਗ ਅਧਿਕਾਰੀਆਂ ਨੂੰ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਨਿਯਮਤ ਜਾਇਜ਼ਾ ਲੈਣ ਲਈ ਆਖਿਆ
ਪਰਦੀਪ ਕਸਬਾ,ਸੰਗਰੂਰ, 16 ਜਨਵਰੀ:2022
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸੌ ਫੀਸਦੀ ਬਾਲਗ ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਾਲੇ ਤੱਕ ਟੀਕਾਕਰਨ ਕਰਵਾਉਣ ਤੋਂ ਵਾਂਝੇ ਨਾਗਰਿਕਾਂ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਸਮੂਹ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨੂੰ ਆਪਣੀ ਨਿਗਰਾਨੀ ਹੇਠ ਵਿਸ਼ੇਸ਼ ਟੀਕਾਕਰਨ ਕੈਂਪਾਂ ਦੀ ਸਫ਼ਲਤਾ ਲਈ ਸਾਰਥਕ ਕਦਮ ਪੁੱਟੇ ਜਾਣ ਦੀ ਹਦਾਇਤ ਕੀਤੀ ਹੈ। ਸ਼੍ਰੀ ਰਾਮਵੀਰ ਨੇ ਕਿਹਾ ਕਿ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵਧਣਾ ਚਿੰਤਾਜਨਕ ਹੈ ਅਤੇ ਅਸੀਂ ਆਪਣੇ ਨਾਗਰਿਕਾਂ ਦੀ ਚੰਗੀ ਸਿਹਤ ਲਈ ਫਿਕਰਮੰਦ ਹਾਂ ਅਤੇ ਅਗਲੇ 10 ਦਿਨਾਂ ਅੰਦਰ ਸਾਨੂੰ ਸਾਰਿਆਂ ਨੂੰ ਵੈਕਸੀਨੇਸ਼ਨ ਵਧਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਤਨਦੇਹੀ ਨਾਲ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਸਿਵਲ ਸਰਜਨ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ 10 ਦਿਨਾਂ ਦਾ ਐਕਸ਼ਨ ਪਲਾਨ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿੱਚ ਵੈਕਸੀਨੇਸ਼ਨ ਦੀ ਦਰ ਨੂੰ ਵਧਾਇਆ ਜਾ ਸਕੇ ਅਤੇ ਹਰ ਉਸ ਵਿਅਕਤੀ ਨੂੰ ਸਵੈ ਇੱਛਾ ਨਾਲ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ ਜੋ ਹਾਲੇ ਵੀ ਕਿਸੇ ਨਾ ਕਿਸੇ Covid ਕਾਰਨ ਦੋਵੇਂ ਖੁਰਾਕਾਂ ਹਾਸਲ ਕਰਨ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੁਆਰਾ ਪਹਿਲੀ ਡੋਜ਼ ਲੈਣ, ਦੂਜੀ ਡੋਜ਼ ਲੈਣ ਅਤੇ ਦੋਵੇਂ ਖੁਰਾਕਾਂ ਲੈਣ ਦੇ ਅੰਕੜਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਾਲੇ ਵੀ ਬਹੁ ਗਿਣਤੀ ਲੋਕ ਮੁਕੰਮਲ ਵੈਕਸੀਨੇਸ਼ਨ ਦੀ ਪ੍ਰਕਿਰਿਆ ਤੋਂ ਵਾਂਝੇ ਹਨ ਜਿਨ੍ਹਾਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ।