ਕੋਵਿਡ-19 ਕਾਰਨ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਗਮ : ਦਰਸ਼ੀ
ਕੋਵਿਡ-19 ਕਾਰਨ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ ਸਮਾਗਮ : ਦਰਸ਼ੀ
- ਖੇਡ ਸਟੇਡੀਅਮ ਸਰਹਿੰਦ ਵਿਖੇ ਹੋਵੇਗਾ ਜਿ਼ਲ੍ਹਾ ਪੱਧਰੀ ਸਮਾਗਮ ਦਾ ਆਯੋਜਨ
- ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 14 ਜਨਵਰੀ:2022
ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਕਾਰਨ ਇਸ ਵਾਰ ਗਣਤੰਤਰ ਦਿਵਸ ਮੌਕੇ ਆਯੋਜਿਤ ਕੀਤਾ ਜਾਣ ਵਾਲਾ ਜਿ਼ਲ੍ਹਾ ਪੱਧਰੀ ਸਮਾਗਮ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ ਨੇ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡ ਸਟੇਡੀਅਮ ਸਰਹਿੰਦ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਇਲਾਵਾ ਪਰੇਡ ਤੋਂ ਸਲਾਮੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ ।
ਸ਼੍ਰੀਮਤੀ ਦਰਸ਼ੀ ਨੇ ਗਣਤੰਤਰ ਦਿਵਸ ਸਮਾਗਮ ਲਈ ਸਟੇਜ ਦੀ ਸਜਾਵਟ, ਸਾਫ ਸਫਾਈ, ਪੀਣ ਵਾਲੇ ਸਾਫ ਸੁਥਰੇ ਪਾਣੀ, ਨਿਰਵਿਘਨ ਬਿਜਲੀ ਸਪਲਾਈ,ਪਖਾਨੇ ਅਤੇ ਹੋਰ ਜਰੂਰੀ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਇਹ ਵੀ ਕਿਹਾ ਕਿ 26 ਜਨਵਰੀ ਸਾਡੇ ਸਭਨਾ ਦੇਸ਼ ਵਾਸੀਆਂ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਅਪਣਾ ਸੰਵਿਧਾਨ ਲਾਗੂ ਹੋਇਆ ਸੀ ਜਿਸ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।