ਖਰਚਾ ਨਿਗਰਾਨ ਵਲੋਂ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਸੈੱਲ ਦਾ ਦੌਰਾ
ਖਰਚਾ ਨਿਗਰਾਨ ਵਲੋਂ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਸੈੱਲ ਦਾ ਦੌਰਾ
- ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ
- ਮੁੱਲ ਦੀ ਖ਼ਬਰ ਛਪਵਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ
ਰਵੀ ਸੈਣ,ਬਰਨਾਲਾ, 5 ਫਰਵਰੀ 2022
ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੀਆਂ ਹਦਾਇਤਾਂ ’ਤੇ ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਰਾਹੀਂ ਕੀਤੇ ਜਾਣ ਵਾਲੇ ਪ੍ਰਚਾਰ ਉਤੇ ਨਿਗਾ ਰੱਖਣ ਲਈ ਜ਼ਿਲਾ ਪੱਧਰ ਉਤੇ ਬਣਾਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੇ ਦਫ਼ਤਰ ਦਾ ਹਲਕਾ ਭਦੌੜ ਲਈ ਤਾਇਨਾਤ ਖਰਚਾ ਨਿਗਰਾਨ ਸ੍ਰੀ ਯਸ਼ਵੰਤ ਕੁਮਾਰ ਵੱਲੋਂ ਦੌਰਾ ਕੀਤਾ ਗਿਆ ਅਤੇ ਕਮੇਟੀ ਦੇ ਕੰਮ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਖਰਚਾ ਨਿਗਰਾਨ ਸ੍ਰੀ ਯਸ਼ਵੰਤ ਕੁਮਾਰ ਨੇ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਕੀਤੇ ਜਾ ਰਹੇ ਪ੍ਰਚਾਰ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸ ਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਐਮਸੀਐਮਸੀ ਮੈਂਬਰਾਂ ਨੇ ਦੱਸਿਆ ਕਿ ਉਨਾਂ ਵੱਲੋਂਂ ਬਾਕੀ ਮੀਡੀਆ ਦੇ ਨਾਲ ਨਾਲ ਸੋਸ਼ਲ ਮੀਡੀਆ ’ਤੇ ਤਿੱਖੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ’ਤੇ ਕੰਟੈਂਟ ਪਾਉਣ ਤੋਂ ਪਹਿਲਾਂ ਉਮੀਦਵਾਰਾਂ ਵੱਲੋਂ ਪ੍ਰਵਾਨਗੀ ਲੈਣ ਬਾਬਤ ਰਿਟਰਨਿੰਗ ਅਧਿਕਾਰੀਆਂ ਨੂੰ ਸਮੇਂ ਸਮੇਂ ’ਤੇ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਖਰਚਾ ਨਿਗਰਾਨ ਨੇ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ।
ਚੋਣ ਨਿਗਰਾਨ ਨੇ ਕਿਹਾ ਕਿ ਐਮ. ਸੀ. ਐਮ. ਸੀ ਵੱਲੋਂ ਮੁੱਲ ਦੀ ਖਬਰ (ਪੇਡ ਨਿਊਜ਼) ਉਪਰ ਵੀ ਪੂਰੀ ਨਜ਼ਰ ਰੱਖੀ ਜਾਵੇ। ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਉਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਲ ਕਰਕੇ ਪ੍ਰਕਾਸ਼ਿਤ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰਡ ਅਥਾਰਟੀ ਨੂੰ ਵੀ ਲਿਖਿਆ ਜਾਵੇਗਾ।