” ਖੇਡਾਂ ਵਤਨ ਪੰਜਾਬ ਦੀਆਂ’’ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ
ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ-ਡਿਪਟੀ ਕਮਿਸ਼ਨਰ
ਪੀ.ਟੀ.ਨੈਟਵਰਕ ,ਫਾਜ਼ਿਲਕਾ, 1 ਸਤੰਬਰ 2022
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦਿੱਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ੍ਰੀ ਗੁਰਫਤਿਹ ਸਿੰਘ ਨੇ ਕਿਹਾ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਇਹ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।