ਗਣਤੰਤਰ ਦਿਵਸ ਦੇਸ਼ ਵਾਸੀਆਂ ਲਈ ਇੱਕ ਮੁਕੱਦਸ ਦਿਨ: ਬ੍ਰਹਮ ਮਹਿੰਦਰਾ
ਗਣਤੰਤਰ ਦਿਵਸ ਦੇਸ਼ ਵਾਸੀਆਂ ਲਈ ਇੱਕ ਮੁਕੱਦਸ ਦਿਨ: ਬ੍ਰਹਮ ਮਹਿੰਦਰਾ
– ਭਾਰਤ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਜਮੂਹਰੀਅਤ ਦੇਸ਼ ਹੋਣ ਦਾ ਮਾਣ ਹਾਸਲ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 26 ਜਨਵਰੀ:2022
ਗਣਤੰਤਰ ਦਿਵਸ ਸਮੂਹ ਦੇਸ਼ ਵਾਸੀਆਂ ਲਈ ਇੱਕ ਮੁਕੱਦਸ ਦਿਨ ਹੈ ਕਿਉਂਕਿ ਅੱਜ ਤੋਂ 72 ਸਾਲ ਪਹਿਲਾਂ ਆਜ਼ਾਦ ਭਾਰਤ ਦਾ ਅਪਣਾ ਸੰਵਿਧਾਨ ਲਾਗੂ ਹੋਇਆ ਸੀ। ਡਾ. ਭੀਮ ਰਾਓ ਅੰਬੇਦਕਰ ਦੀ ਰਹਿਨੁਮਾਈ ਤਹਿਤ ਸੰਵਿਧਾਨ ਨੇ ਸਾਡੇ ਦੇਸ਼ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਬਣਾਇਆ, ਜਿਸ ਵਿੱਚ ਸਮੂਹ ਭਾਰਤ ਵਾਸੀਆਂ ਨੂੰ ਬਰਾਬਰਤਾ ਦੇ ਅਧਿਕਾਰ ਦਿੱਤੇ ਗਏ ਸਨ। 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੇ ਪ੍ਰਧਾਨ ਡਾਕਟਰ ਰਾਜੇਂਦਰ ਪ੍ਰਸਾਦ ਨੂੰ ਭਾਰਤ ਦਾ ਸੰਵਿਧਾਨ ਸੌਂਪਿਆ, ਇਸ ਲਈ 26 ਨਵੰਬਰ ਨੂੰ ਹਰ ਸਾਲ ਭਾਰਤ ਵਿੱਚ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੇਸ਼ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ, ਜਿਸ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ, ਸੰਸਦੀ ਮਾਮਲੇ ਤੇ ਚੋਣਾਂ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ 73ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਆਯੋਜਿਤ ਕੀਤੇ ਗਏ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਲੋਕਾਂ ਨੂੰ ਦਿੱਤੇ ਸੰਦੇਸ਼ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਨੇ ਸੰਵਿਧਾਨ ਦੀ ਰਚਨਾ ਕਰਕੇ ਸਾਡੇ ਦੇਸ਼ ਨੂੰ ਦੁਨੀਆਂ ਭਰ ਵਿੱਚ ਸਭ ਤੋਂ ਵੱਡੇ ਜਮਹੂਰੀਅਤ ਵਾਲੇ ਦੇਸ਼ ਹੋਣ ਦਾ ਮਾਣ ਦਿਵਾਇਆ। ਇਸ ਲਈ ਸਾਡਾ ਸਾਰਿਆਂ ਦਾ ਇਹ ਫ਼ਰਜ਼ ਬਣਦਾ ਹੈ ਕਿ ਇਸ ਸ਼ੁਭ ਦਿਹਾੜੇ ‘ਤੇ ਉਹਨਾਂ ਮਹਾਨ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰੀਏ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਪੰਜਾਬ ਦੇ ਬਹਾਦਰ ਯੋਧਿਆਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ। ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ।
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਕਿਸਮਤ ਵਾਲਾ ਮੰਨਦੇ ਹਨ ਕਿਉਂਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ’ਤੇ ਕੌਮੀ ਝੰਡਾ ਲਹਿਰਾਉਣ ਦਾ ਅਵਸਰ ਮਿਲਿਆ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਧਰਮਾਂ ਅਤੇ ਕੌਮਾਂ ਦੇ ਲੋਕ ਰਹਿੰਦੇ ਹਨ ਪ੍ਰੰਤੂ ਬਾਬਾ ਸਾਹਿਬ ਵੱਲੋਂ ਲਿਖੇ ਇਸ ਸੰਵਿਧਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਇਕੋ ਕੜੀ ਵਿੱਚ ਪਰੋਇਆ ਅਤੇ ਅਨੇਕਤਾ ਨੂੰ ਏਕਤਾ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੇ ਸੰਵਿਧਾਨ ਦੀ ਹੱਥ ਲਿਖਿਤ ਕਾਪੀ ਦੇਸ਼ ਦੇ ਸੰਸਦ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਣੌਤੀਪੂਰਨ ਸਮੇਂ ਵਿਚੋਂ ਗੁਜ਼ਰ ਰਹੇ ਹਾਂ, ਜਦੋਂ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਆਪਣੀ ਗ੍ਰਿਫ਼ਤ ਵਿਚ ਲਿਆ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਹਾਂਮਾਰੀ ਕਾਰਨ ਹੀ ਅਸੀਂ ਅੱਜ ਗਣਤੰਤਰ ਦਿਵਸ ਦੇ ਜਸ਼ਨ ਵੀ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦੇ ਹੋਏ ਮਨਾ ਰਹੇ ਹਾਂ।
ਸ਼੍ਰੀ ਮਹਿੰਦਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿਚ ਇਕ ਮਹਾਨ ਕਾਰਜ ਸੀ।
ਕੈਬਨਿਟ ਮੰਤਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮੂਹ ਨਾਗਰਿਕਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਤੋਂ ਅਤੇ ਜਾਤ-ਪਾਤ, ਭੇਦ-ਭਾਵ ਤੋਂ ਉੱਪਰ ਉੱਠ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਅੱਜ ਦੇ ਇਸ ਮੁਬਾਰਕ ਦਿਵਸ ਉਤੇ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧਤਾ, ਸਮਰਪਣ ਅਤੇ ਪੂਰੇ ਭਰੋਸੇ ਨਾਲ ਕੰਮ ਕਰਦੇ ਹੋਏ ਦੇਸ਼ ਦੇ ਸੰਵਿਧਾਨ ਪ੍ਰਤੀ ਸੱਚੀ ਨਿਸ਼ਠਾ ਰੱਖਾਂਗੇ।
ਇਸ ਮੌਕੇ ਪੰਜਾਬ ਪੁਲਿਸ, ਹੋਮ ਗਾਰਡ ਤੇ ਐਨ.ਸੀ.ਸੀ. ਕੈਡਿਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਨੇ ਪਰੇਡ ਦਾ ਨਰੀਖਣ ਵੀ ਕੀਤਾ। ਉਨ੍ਹਾਂ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਤ ਵੀ ਕੀਤਾ, ਜਿਨ੍ਹਾਂ ਵਿਚ ਕਰੋਨਾ ਖਿਲਾਫ ਜੰਗ ਵਿੱਚ ਅਹਿਮ ਯੋਗਦਾਨ ਪਾਉਣ ਵਾਲਿਆਂ ਸਮੇਤ ਸ਼ਹੀਦੀ ਸਭਾ 2021 ਦੌਰਾਨ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਸ਼ਖ਼ਸੀਅਤਾਂ ਸ਼ਾਮਲ ਸਨ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪੁਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਦਿਆਲ ਸਿੰਘ ਚੱਠਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।