ਚੋਣ ਕਮਿਸ਼ਨ ਦੀਆਂ ਵੱਖ-ਵੱਖ ਮੋਬਾਇਲ ਐਪ ਬਾਰੇ ਨੋਡਲ ਅਫਸਰਾਂ ਨੂੰ ਦਿੱਤੀ ਗਈ ਟਰੇਨਿੰਗ
ਚੋਣ ਕਮਿਸ਼ਨ ਦੀਆਂ ਵੱਖ-ਵੱਖ ਮੋਬਾਇਲ ਐਪ ਬਾਰੇ ਨੋਡਲ ਅਫਸਰਾਂ ਨੂੰ ਦਿੱਤੀ ਗਈ ਟਰੇਨਿੰਗ
- ਮੋਬਾਇਲ ਐਪ ਸੀ.ਵਿਜਲ (C-VIGIL ) ਰਾਹੀਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਪਾਈ ਜਾ ਸਕਦੀ ਹੈ ਸਿ਼ਕਾਇਤ
- ਵੋਟਰਾਂ ਦੀ ਜਾਗਰੂਕਤਾ ਬਣਾਈ ਵੋਟਰ ਹੈਲਪ ਲਾਈਨ (VOTER HELPLINE) ਐਪ ਰਾਹੀਂ ਆਪਣੇ ਪੋਲਿੰਗ ਬੂਥ ਸਬੰਧੀ ਹਾਸਲ ਕੀਤੀ ਜਾ ਸਕਦੀ ਹੈ ਜਾਣਕਾਰੀ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 22 ਦਸੰਬਰ: 2021
ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਸੂਚਨਾ ਤਕਨਾਲੌਜੀ ਦੇ ਸਮੂਹ ਨੋਡਲ ਅਫਸਰਾਂ ਨੂੰ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਮੋਬਾਇਲ ਐਪਸ ਬਾਰੇ ਜਾਣਕਾਰੀ ਦਿੱਤੀ ਗਈ। ਇਹ ਨੋਡਲ ਅਫਸਰ ਵਿਧਾਨ ਸਭਾ ਹਲਕੇ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੋਬਾਇਲ ਐਪਸ ਬਾਰੇ ਸਿਖਲਾਈ ਦੇਣਗੇ। ਇਸ ਟਰੇਨਿੰਗ ਵਿੱਚ ਜਿ਼ਲ੍ਹੇ ’ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਐਸ.ਡੀ.ਐਮ.-ਕਮ- ਰਿਟਰਨਿੰਗ ਅਫਸਰਾਂ ਸਮੇਤ ਸੂਚਨਾ ਤਕਨਾਲੌਜੀ ਦੇ ਨੋਡਲ ਅਫਸਰਾਂ ਨੇ ਹਿੱਸਾ ਲਿਆ।
ਚੋਣ ਕਮਿਸ਼ਨ ਦੇ ਅਧਿਕਾਰੀ ਨੇ ਨੋਡਲ ਅਫਸਰਾਂ ਨੂੰ ਦੱਸਿਆ ਕਿ ਅਜੌਕੇ ਸੂਚਨਾ ਤਕਨਾਲੌਜੀ ਦੇ ਦੌਰ ਵਿੱਚ ਚੋਣ ਕਮਿਸ਼ਨ ਵੱਲੋਂ ਇਹ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸਿ਼ਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਵੱਲੋਂ ਪਾਈਆਂ ਸਿ਼ਕਾਇਤਾਂ ਨੂੰ ਤੁਰੰਤ ਸਬੰਧਤ ਰਿਟਰਨਿੰਗ ਅਫਸਰਾਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਬੁਲਾਰੇ ਨੇ ਹੋਰ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਜਾਗਰੂਕਤਾ ਲਈ ਬਣਾਈ ਗਈ ਇਹ ਐਪ ਇੱਕ ਮਹੱਤਵਪੂਰਨ ਐਪ ਹੈ।
ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਅਤੇ ਉਮੀਦਵਾਰਾਂ ਵੱਲੋਂ ਹਾਸਲ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਪ੍ਰਵਾਨਗੀਆਂ ਮੋਬਾਇਲ ਐਪ ਐਨਕੋਰ (ENCORE) ਰਾਹੀਂ ਹਾਸਲ ਕੀਤੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਹਲਫੀਆ ਬਿਆਨ ਆਦਿ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ ਜਾ ਸਕੇਗੀ।
ਪੀ.ਡਬਲਯੂ.ਡੀ. (PWD) ਮੋਬਾਇਲ ਐਪ ਰਾਹੀਂ ਦਿਵਿਆਂਗ ਵੋਟਰ ਵੋਟਾਂ ਪਾਉਣ ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਲੈਣ ਲਈ ਅਪਲਾਈ ਕੀਤਾ ਜਾ ਸਕੇਗਾ ਅਤੇ ਦਿਵਿਆਂਗ ਵੋਟਰਾਂ ਨੂੰ ਸਬੰਧਤ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਟਰੇਨਿੰਗ ਪ੍ਰੋਗਰਾਮ ਦੌਰਾਨ ਹੋਰ ਐਪਸ ਦੀ ਜਾਣਕਾਰੀ ਵੀ ਦਿੱਤੀ ਗਈ।