ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸ਼ਹੀਦੀ ਸਭਾ
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸ਼ਹੀਦੀ ਸਭਾ
- ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ
- ਦੇਸ਼ ਵਿਦੇਸ਼ ‘ਚੋਂ ਵੱਡੀ ਗਿਣਤੀ ਸ਼ਰਧਾਲੂ ਸ਼ਹੀਦੀ ਸਭਾ ਦੇ ਪਹਿਲੇ ਦਿਨ ਸ਼ਹੀਦਾਂ ਨੂੰ ਨਤਮਸਤਕ ਹੋਣ ਪੁੱਜੇ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 25 ਦਸੰਬਰ: 2021
ਫ਼ਤਹਿਗੜ੍ਹ ਸਾਹਿਬ ਸ਼ਹੀਦਾਂ ਦੀ ਪਵਿੱਤਰ ਧਰਤੀ ‘ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਅੱਜ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਗਈ।
ਸ਼ਹੀਦਾਂ ਦੀ ਯਾਦ ‘ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਵੱਡੀ ਗਿਣਤੀ ਸ਼ਰਧਾਲੂ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਇੱਥੇ ਪੁੱਜੇ।
ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਿਮ ਸਸਕਾਰ ਵਾਲੇ ਪਵਿੱਤਰ ਅਸਥਾਨ ‘ਤੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਕੀਤੀ ਗਈ। ਹੁਕਮਨਾਮਾ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਕਥਾਵਾਚਕ ਗਿਆਨੀ ਅਤਰ ਸਿੰਘ ਨੇ ਲਿਆ।
ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਗੁਰਦੁਆਰਾ ਜੋਤੀ ਸਰੂਪ ਵਿਖੇ ਨਤਮਸਤਕ ਹੋਣ ਉਪਰੰਤ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾਭਾਵ ਅਤੇ ਸ਼ਾਤੀਪੂਰਵਕ ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਦੇ ਹੋਏ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਸ੍ਰੀਮਤੀ ਪੂਨਮਦੀਪ ਕੌਰ ਨੇ ਸ਼ਰਧਾਲੂਆਂ ਨੂੰ ਕੋਰੋਨਾ ਮਹਾਂਮਾਰੀ ਦੇ ਨਵੇਂ ਰੂਪ ਓਮੀਕਰੋਨ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਂ ਕਰਨ ਦੀ ਵੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਵਿਧਾ ਲਈ 04 ਰੈਣ ਬਸੇਰੇ ਬਣਾਉਣ ਸਮੇਤ ਪਖਾਨਿਆਂ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਤੇ ਅੰਤ੍ਰਿੰਗ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਏ.ਡੀ.ਸੀ. (ਜ) ਅਨੀਤਾ ਦਰਸ਼ੀ, ਏ.ਡੀ.ਸੀ. (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਹਿਮਾਸ਼ੂ ਗੁਪਤਾ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਤੇ ਤਹਿਸੀਲਦਾਰ ਗੁਰਜਿੰਦਰ ਸਿੰਘ, ਸ੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਅਵਤਾਰ ਸਿੰਘ ਸੈਂਪਲਾ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਤੇ ਬਲਵਿੰਦਰ ਸਿੰਘ ਭਮਾਰਸੀ ਸਮੇਤ ਹੋਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
ਸ਼ਹੀਦੀ ਸਭਾ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ 27 ਦਸੰਬਰ ਨੂੰ ਇਸੇ ਅਸਥਾਨ ‘ਤੇ ਪਾਏ ਜਾਣਗੇ ਅਤੇ ਉਸੇ ਦਿਨ ਸਵੇਰੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪੁੱਜੇਗਾ