Skip to content
Advertisement
ਜਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੀ ਧਾਰਮਿਕ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜਾਰੀ ਕੀਤੇ ਮਨਾਹੀਂ ਹੁਕਮ
ਅਸ਼ੋਕ ਧੀਮਾਨ, ਫ਼ਤਹਿਗੜ੍ਹ ਸਾਹਿਬ, 02 ਦਸੰਬਰ :2021
ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25, 26 ਤੇ 27 ਦਸੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀ ਧਾਰਮਿਕ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਮਨਾਹੀਂ ਹੁਕਮ ਜਾਰੀ ਕੀਤੇ ਹਨ।
ਜਿ਼ਲ੍ਹਾ ਮੈਜਿਸਟਰੇਟ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਦੇ ਇਲਾਕੇ ਵਿੱਚ ਹਰੇਕ ਕਿਸਮ ਦੀਆਂ ਸਰਕਸਾਂ, ਝੂਲੇ, ਜਿੰਦਾ ਡਾਂਸ ਅਤੇ ਮਨੋਰੰਜਨ ਦੇ ਖੇਡ ਆਦਿ ਵਿਖਾਉਣ ’ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਫ਼ਤਹਿਗੜ੍ਹ ਸਾਹਿਬ ਵਿਖੇ ਪੁਜਦੇ ਹਨ ਅਤੇ ਸਰਕਸਾਂ, ਝੂਲੇ, ਜਿੰਦਾ ਡਾਂਸ ਅਤੇ ਮਨੋਰੰਜਨ ਦੀਆਂ ਖੇਡਾਂ ਨਾਲ ਸ਼ਰਧਾਲੂਆਂ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਮਾਹੌਲ ਦੀ ਧਾਰਮਿਕ ਪਵਿੱਤਰਤਾ ਭੰਗ ਹੁੰਦੀ ਹੈ। ਇਹ ਹੁਕਮ 31 ਦਸੰਬਰ, 2021 ਤੱਕ ਲਾਗੂ ਰਹਿਣਗੇ।
ਜਿ਼ਲ੍ਹਾ ਮੈਜਿਸਟਰੇਟ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਇਲਾਕੇ ਵਿੱਚ ਲਾਊਡ ਸਪੀਕਰ,ਟੇਪ ਰਿਕਾਰਡ ਚਲਾਉਣ ’ਤੇ ਵੀ ਪੂਰਨ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸ਼ਹੀਦੀ ਸਭਾ ਦੌਰਾਨ ਆਮ ਲੋਕਾਂ, ਦੁਕਾਨਦਾਰਾਂ ਅਤੇ ਲੰਗਰ ਲਗਾਉਣ ਵਾਲਿਆਂ ਵੱਲੋਂ ਲਾਊਡ ਸਪੀਕਰ ਤੇ ਟੇਪ ਰਿਕਾਰਡ ਉਚੀ ਆਵਾਜ਼ ਵਿੱਚ ਚਲਾਏ ਜਾਂਦੇ ਹਨ ਜਿਸ ਨਾਲ ਮਾਹੌਲ ਦੀ ਪਵਿੱਤਰਤਾ ਭੰਗ ਹੁੰਦੀ ਹੈ ਅਤੇ ਇਸ ਨਾਲ ਆਵਾਜ਼ ਪ੍ਰਦੂਸ਼ਣ ਵੀ ਫੈਲਦਾ ਹੈ। ਮਨਾਹੀਂ ਦੇ ਇਹ ਹੁਕਮ 31 ਜਨਵਰੀ, 2022 ਤੱਕ ਲਾਗੂ ਰਹਿਣਗੇ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਅਮਨ-ਕਾਨੂੰਨ ਦੀ ਵਿਵਸਥਾ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫੌਜ਼ਦਾਰੀ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਦੇ ਇਲਾਕੇ ਵਿੱਚ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਚੁੱਕਣ ’ਤੇ 31, ਜਨਵਰੀ 2022 ਤੱਕ ਪਾਬੰਦੀ ਲਗਾਈ ਹੈ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾ-ਵਰਦੀ ਪੁਲਿਸ ਕਰਮਚਾਚੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ’ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਵਰਗੇ ਕੰਮਾਂ ਲਈ ਆਉਣ ਵਾਲਿਆਂ ’ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜਿਹੜੇ ਵਿਅਕਤੀਆਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤਾ ਹੋਇਆ ਹੈ,’ਤੇ ਵੀ ਇਹ ਹੁਕਮ ਲਾਗੂ ਨਹੀਂ ਹੋਣਗੇ।
ਇਸੇ ਤਰ੍ਹਾਂ ਜਿ਼ਲ੍ਹਾ ਮੈਜਿਸਟਰੇਟ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਹਦੂਦ ਦੇ ਤਿੰਨ ਕਿਲੋਮੀਟਰ ਇਲਾਕੇ ਵਿੱਚ ਅੰਡੇ, ਮਾਸ, ਮੱਛੀ, ਤੰਬਾਕੂ, ਬੀੜੀ ਅਤੇ ਸਿਗਰੇਟ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਹੈ। ਮਨਾਹੀਂ ਦੇ ਇਹ ਹੁਕਮ 31 ਦਸੰਬਰ, 2021 ਤੱਕ ਲਾਗੂ ਰਹਿਣਗੇ।
Advertisement
Advertisement
error: Content is protected !!