ਪ੍ਰਸ਼ਾਸ਼ਨ ਮਾਈਨਿੰਗ ਸਾਈਟਾਂ ‘ਤੇ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਵਸੂਲੀ ‘ਤੇ ਨੱਥ ਪਾਉਣ ਲਈ ਵਚਨਬੱਧ – ਡੀ.ਸੀ.
ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਲੋਕਾਂ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ
ਦਵਿੰਦਰ ਡੀ.ਕੇ. ਲੁਧਿਆਣਾ, 1 ਨਵੰਬਰ 2021
ਮਾਈਨਿੰਗ ਸਾਈਟਾਂ ‘ਤੇ ਸਰਕਾਰ ਦੁਆਰਾ ਨਿਰਧਾਰਤ ਰੇਟ 9 ਰੁਪਏ ਪ੍ਰਤੀ ਕਿਊਬਿਕ ਫੁੱਟ ਤੋਂ ਵੱਧ ਵਸੂਲੀ ‘ਤੇ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਸ਼ਾਮ ਕਾਦੀਆਂ ਮਾਈਨਿੰਗ ਸਾਈਟ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ.ਐਲਨਚੇਜ਼ੀਅਨ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਮਾਈਨਿੰਗ ਸਾਈਟ ‘ਤੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਗੈਰ-ਕਾਨੂੰਨੀ ਮਾਈਨਿੰਗ ‘ਤੇ ਨਜ਼ਰ ਰੱਖਣ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਮਾਈਨਿੰਗ ਵਾਲੀ ਥਾਂ ‘ਤੇ 9 ਰੁਪਏ ਪ੍ਰਤੀ ਕਿਊਬਿਕ ਫੁੱਟ (ਆਵਾਜਾਈ ਦੇ ਖਰਚਿਆਂ ਨੂੰ ਛੱਡ ਕੇ) ਸਰਕਾਰ ਦੁਆਰਾ ਨਿਰਧਾਰਤ ਰੇਟ ‘ਤੇ ਰੇਤ ਦੀ ਵਿਕਰੀ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕਰਕੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਅਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ‘ਤੇ ਚੌਕਸ ਨਿਗਰਾਨੀ ਲਈ ਟੀਮਾਂ 24 ਘੰਟੇ ਅਚਨਚੇਤ ਚੈਕਿੰਗ ਕਰਨਗੀਆਂ।