ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਲੋਕ ਲਹਿਰ ਚਲਾਉਣ ਦੀ ਅਪੀਲ
ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਲੋਕ ਲਹਿਰ ਚਲਾਉਣ ਦੀ ਅਪੀਲ
* ਪ੍ਰਮੁੱਖ ਸਕੱਤਰ ਵੱਲੋਂ ਮੂਨਕ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ
* ਜ਼ਿਲ੍ਹਾ ਚੋਣ ਅਫ਼ਸਰ, ਸਮੂਹ ਰਿਟਰਨਿੰਗ ਅਧਿਕਾਰੀਆਂ ਤੇ ਸਿਹਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਪਰਦੀਪ ਕਸਬਾ ,ਸੰਗਰੂਰ, 30 ਜਨਵਰੀ:2022
ਪ੍ਰਮੁੱਖ ਸਕੱਤਰ ਸ਼੍ਰੀ ਤੇਜਵੀਰ ਸਿੰਘ ਨੇ ਅੱਜ ਜ਼ਿਲਾ ਸੰਗਰੂਰ ਦੇ ਮੂਨਕ ਦਾ ਦੌਰਾ ਕਰਦਿਆਂ ਕੋਵਿਡ ਵੈਕਸੀਨੇਸ਼ਨ ਕੈਂਪਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਤੀਜੀ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵੱਧ ਤੋਂ ਵੱਧ ਵਿਸ਼ੇਸ਼ ਟੀਕਾਕਰਨ ਕੈਂਪ ਲਗਵਾ ਕੇ ਲੋਕਾਂ ਨੂੰ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਲਈ ਪ੍ਰੇਰਿਤ ਕੀਤੇ ਜਾਣ ਦੀ ਅਹਿਮ ਲੋੜ ਹੈ। ਉਨਾਂ ਕੈਂਪਾਂ ਵਿਖੇ ਟੀਕਾਕਰਨ ਕਰਵਾਉਣ ਪੁੱਜੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਆਲੇ ਦੁਆਲੇ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਨ ਤੇ ਕੋਵਿਡ ਵੈਕਸੀਨੇਸ਼ਨ ਨੂੰ ਲੋਕ ਲਹਿਰ ਵਜੋਂ ਚਲਾਇਆ ਜਾਵੇ ਕਿਉਂ ਜੋ ਕੋਵਿਡ ਕਾਰਨ ਵੱਡੀ ਗਿਣਤੀ ਵਿੱਚ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਚੁੱਕੀਆਂ ਹਨ ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਹਾਲੇ ਤੱਕ ਕੋਵਿਡ ਵੈਕਸੀਨੇਸ਼ਨ ਦੀਆਂ ਖੁਰਾਕਾਂ ਲੈਣ ਤੋਂ ਵਾਂਝੇ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਲਈ ਸਮੂਹ ਰਿਟਰਨਿੰਗ ਅਧਿਕਾਰੀਆਂ ਦੀ ਅਗਵਾਈ ਹੇਠ ਬੀ.ਐਲ.ਓਜ਼, ਏ.ਐਨ.ਐਮਜ਼, ਆਸ਼ਾ ਵਰਕਰ ਘਰ ਘਰ ਪਹੰੁਚ ਬਣਾ ਕੇ ਲੋਕਾਂ ਦੇ ਮਨਾਂ ਵਿੱਚ ਟੀਕਾਕਰਨ ਪ੍ਰਤੀ ਪੈਦਾ ਹੋਏ ਭੁਲੇਖਿਆਂ ਨੂੰ ਦੂਰ ਕਰਨ ਵਿੱਚ ਸਾਕਾਰਾਤਮਕ ਭੂਮਿਕਾ ਅਦਾ ਕਰ ਸਕਦੇ ਹਨ। ਆਪਣੇ ਦੌਰੇ ਦੌਰਾਨ ਉਨਾਂ ਨੇ ਕੋਵਿਡ ਵੈਕਸੀਨੇਸ਼ਨ ਲਈ ਤਾਇਨਾਤ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਹੌਂਸਲਾ ਅਫਜਾਈ ਕੀਤੀ ਅਤੇ ਆਪਣੀ ਇਸ ਡਿਊਟੀ ਨੂੰ ਲੋਕਾਂ ਦੇ ਭਲੇ ਹਿੱਤ ਹੋਰ ਵਧੇਰੇ ਦਿਲਚਸਪੀ ਨਾਲ ਨਿਭਾਉਣ ਲਈ ਪ੍ਰੇਰਿਆ।
ਬਾਅਦ ਵਿੱਚ ਪ੍ਰਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੀ ਹਾਜ਼ਰੀ ਵਿੱਚ ਸਮੂਹ ਰਿਟਰਨਿੰਗ ਅਧਿਕਾਰੀਆਂ, ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੋਵਿਡ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨਾਂ ਕਿਹਾ ਕਿ ਟੀਕਾਕਰਨ ਲਈ ਤਾਇਨਾਤ ਟੀਮਾਂ ਦੀ ਪ੍ਰਗਤੀ ਨੂੰ ਨਿਰੰਤਰ ਵਾਚਿਆ ਜਾਵੇ ਅਤੇ ਟੀਕਾਕਰਨ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਜਾਵੇ। ਉਨਾਂ ਕਿਹਾ ਕਿ ਬਜੁਰਗਾਂ ਅਤੇ 15 ਤੋਂ 18 ਸਾਲ ਉਮਰ ਵਰਗ ਵਾਲਿਆਂ ਦੇ ਟੀਕਾਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਨਤਕ ਸਥਾਨਾਂ, ਜ਼ਿਲਾ ਪ੍ਰਬੰਧਕੀ ਕੰਪਲੈਕਸ ਤੇ ਤਹਿਸੀਲਾਂ ਆਦਿ, ਜਿਥੇ ਕਿ ਵੱਡੀ ਗਿਣਤੀ ਲੋਕਾਂ ਦਾ ਆਉਣਾ-ਜਾਣਾ ਹੁੰਦਾ ਹੈ, ਉਥੇ ਸਥਾਈ ਤੌਰ ’ਤੇ ਟੀਕਾਕਰਨ ਕੈਂਪਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕ ਆਪਣੀ ਸਵੈ ਇੱਛਾ ਨਾਲ ਟੀਕਾਕਰਨ ਕਰਵਾ ਸਕਣ।
ਮੀਟਿੰਗ ਦੌਰਾਨ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਪ੍ਰਗਤੀ ਦਾ ਰੋਜ਼ਾਨਾ ਦੇ ਆਧਾਰ ’ਤੇ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਸਮੂਹ ਰਿਟਰਨਿੰਗ ਅਧਿਕਾਰੀਆਂ ਖੁਦ ਵੀ ਵੱਖ ਵੱਖ ਕੈਂਪਾਂ ਵਿੱਚ ਜਾ ਕੇ ਟੀਕਾਕਰਨ ਲਈ ਨਾਗਰਿਕਾਂ ਨੂੰ ਪੇ੍ਰਰਿਤ ਕਰਨ ਵਿੱਚ ਸਾਰਥਕ ਭੂਮਿਕਾ ਨਿਭਾਅ ਰਹੇ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀ ਲਤੀਫ਼ ਅਹਿਮਦ ਸਮੇਤ ਸਮੂਹ ਰਿਟਰਨਿੰਗ ਅਧਿਕਾਰੀ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।