ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਆਜ਼ਾਦ ਉੋਮੀਦਵਾਰ ਨੇ ਭਰੇ ਕਾਗਜ਼ : ਜਿ਼ਲ੍ਹਾ ਚੋਣ ਅਫਸਰ
ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਆਜ਼ਾਦ ਉੋਮੀਦਵਾਰ ਨੇ ਭਰੇ ਕਾਗਜ਼ : ਜਿ਼ਲ੍ਹਾ ਚੋਣ ਅਫਸਰ
– ਵਿਧਾਨ ਸਭਾ ਹਲਕਾ ਬਸੀ ਪਠਾਣਾ ਤੇ ਅਮਲੋਹ ਤੋਂ ਕਿਸੇ ਨੇ ਨਹੀਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 27 ਜਨਵਰੀ 2022
ਅਗਾਮੀ ਵਿਧਾਨ ਸਭਾ ਚੋਣਾ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਜਿ਼ਲ੍ਹੇ ਦੇ ਵਿਧਾਨ ਸਭਾ ਹਲਕਾ 55-ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੀ ਨਵਾਬ ਅਲੀ ਪੁੱਤਰ ਸ਼੍ਰੀ ਖਰੈਤੀ ਖਾਨ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ ਕੋਲ ਦਾਖਲ ਕਰਵਾਏ ਹਨ ਜਦੋਂ ਕਿ ਵਿਧਾਨ ਸਭਾ ਹਲਕਾ 54-ਬਸੀ ਪਠਾਣਾ ਤੇ 56-ਅਮਲੋਹ ਤੋਂ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਚੋਣ ਪ੍ਰੋਗਰਾਮ ਅਨੁਸਾਰ 01 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ 02 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 04 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 06:00 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ ਅਤੇ 12 ਮਾਰਚ ਨੂੰ ਵੋਟਾਂ ਦੀ ਗਿਣਤੀ ਉਪਰੰਤ ਚੋਣ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ।
ਜਿ਼ਲ੍ਹਾ ਚੋਣ ਅਫਸਰ ਨੇ ਜਿ਼ਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਸ਼ਕਤੀ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਦੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਜਿਥੇ ਸਾਡਾ ਸੰਵਿਧਾਨ ਹੱਕ ਹੈ ਉਥੇ ਹੀ ਇਹ ਸਮਾਜ ਪ੍ਰਤੀ ਸਾਡੀ ਜਿੰਮੇਵਾਰੀ ਵੀ ਬਣਦੀ ਹੈ। ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਹੱਥ ਭਵਿੱਖ ਦੀ ਡੋਰ ਹੁੰਦੀ ਹੈ ਇਸ ਲਈ ਨੌਜਵਾਨਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਤੋਂ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਜੇਕਰ ਅਸੀਂ ਅੱਜ ਵੋਟ ਦਾ ਇਸਤੇਮਾਲ ਨਹੀਂ ਕਰਾਂਗੇ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਅੱਗੇ ਸਾਨੂੰ ਜਵਾਬਦੇਹ ਹੋਣਾ ਪਵੇਗਾ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਹੋਰ ਕਿਹਾ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕੇ ਗਏ ਹਨ ਜਿਸ ਤਹਿਤ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਨੂੰ ਬੈਲਟ ਪੇਪਰਾਂ ਰਾਹੀਂ ਆਪਣੇ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਹੋਰ ਕਿਹਾ ਕਿ ਹਰੇਕ ਵੋਟਰ ਨੂੰ ਆਪਣੀ ਵੋਟ ਬਿਨਾਂ ਕਿਸੇ ਲਾਲਚ, ਡਰ ਜਾਂ ਭੈਅ ਤੋਂ ਪਾਉਣੀ ਚਾਹੀਦੀ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਹੀ ਅਸੀਂ ਭਵਿੱਖ ਦੇ ਰੌਸ਼ਨ ਸਮਾਜ ਦਾ ਨਿਰਮਾਣ ਕਰ ਸਕਾਂਗੇ।