ਪਿੰਡਾਂ ‘ਚ ਵੋਟਰਾਂ ਨੂੰ ਜਗਾਉਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ
ਪਿੰਡਾਂ ‘ਚ ਵੋਟਰਾਂ ਨੂੰ ਜਗਾਉਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ
-100 ਫ਼ੀਸਦੀ ਵੋਟਾਂ ਦਾ ਭੁਗਤਾਨ ਕਰਨ ਵੋਟਰ – ਗੁਰਬਖਸ਼ੀਸ਼ ਸਿੰਘ ਅੰਟਾਲ
ਰਿਚਾ ਨਾਗਪਾਲ,ਪਟਿਆਲਾ, 16 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਪਟਿਆਲਾ ਦੇ ਪਿੰਡ ਦੌਣਕਲਾਂ ਤੋਂ ਟਰੈਕਟਰ ਮਾਰਚ ਕੱਢਿਆ ਗਿਆ। ਟਰੈਕਟਰ ਮਾਰਚ ਦੀ ਅਗਵਾਈ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਖ਼ੁਦ ਟਰੈਕਟਰ ਚਲਾ ਕੇ ਕੀਤੀ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਨੋਡਲ ਅਫ਼ਸਰ ਦਿਵਿਆਂਗਜਨ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਆਈਕਨ ਦਿਵਿਆਂਗਜਨ ਜਗਦੀਪ ਸਿੰਘ ਅਤੇ ਨੋਡਲ ਅਫ਼ਸਰ ਸਵੀਪ ਸਤਵੀਰ ਸਿੰਘ ਗਿੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੀ ਉਨ੍ਹਾਂ ਦੇ ਨਾਲ ਸਨ।
ਟਰੈਕਟਰ ਮਾਰਚ ਦੌਰਾਨ ਵੋਟਰ ਜਾਗਰੂਕਤਾ ਪੋਸਟਰਾਂ, ਪੰਜਾਬ ਚੌਣਾ ਦੇ ਮਸਕਟ ਸ਼ੇਰਾ ਦੀਆਂ ਪੇਂਟਿੰਗਜ਼ ਅਤੇ ਵੱਖ ਵੱਖ ਤਰ੍ਹਾਂ ਦੀਆਂ ਫਲੈਕਸਾਂ ਲਾ ਕੇ ਨਸ਼ਾ ਰਹਿਤ, ਬਿਨਾਂ ਲਾਲਚ ਅਤੇ ਜਾਤਪਾਤ ਤੋਂ ਉਪਰ ਉਠਕੇ ਵੋਟ ਪਾਉਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਬੋਲਦਿਆਂ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸਮੂਹ ਪਿੰਡ ਵਾਸੀਆਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਆਪਸੀ ਭਾਈਚਾਰਕ ਸਾਂਝ ਬਣਾਉਂਦੇ ਹੋਏ ਵੋਟ ਪਾਉਣ ਦੀ ਅਪੀਲ ਕੀਤੀ। ਟਰੈਕਟਰ ਮਾਰਚ ਦੌਰਾਨ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਹਰੇਕ ਬੂਥ ’ਤੇ ਸੀ ਸੀ ਟੀ ਵੀ ਕੈਮਰੇ ਲੱਗਣਗੇ ਜਿਹੜੇ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਸਿੱਧੇ ਤੌਰ ਤੈ ਜੁੜੇ ਹੋਣਗੇ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਵੱਡੀ ਗਿਣਤੀ ਵਲੰਟੀਅਰ ਵੀ ਤਾਇਨਾਤ ਕੀਤੇ ਜਾਣਗੇ। ਇਸ ਮੌਕੇ ਸਤਵੀਰ ਸਿੰਘ ਗਿੱਲ ਨੇ ਪਿੰਡ ਵਾਸੀਆਂ ਦੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ।