ਪੋਲਿੰਗ ਸਟੇਸ਼ਨਾਂ ਵਿੱਚ ਸੋਧਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪੋਲਿੰਗ ਸਟੇਸ਼ਨਾਂ ਵਿੱਚ ਸੋਧਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
– ਪੋਲਿੰਗ ਸਟੇਸ਼ਨਾਂ ਨਾਲ ਸਬੰਧਤ ਸਾਰੀ ਅੱਪਡੇਟ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਅਧਿਕਾਰਤ
ਦਵਿੰਦਰ ਡੀ.ਕੇ,ਲੁਧਿਆਣਾ, 20 ਜਨਵਰੀ 2022
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਪੋਲਿੰਗ ਸਟੇਸ਼ਨਾਂ ਵਿੱਚ ਸੋਧਾਂ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਡੀ.ਈ.ਓ ਸ੍ਰੀ ਰਾਹੁਲ ਚਾਬਾ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਮੌਜੂਦਾ ਪੋਲਿੰਗ ਸਟੇਸ਼ਨਾਂ ਵਿੱਚ ਕੁਝ ਸੋਧਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1200 ਵੋਟਰਾਂ ਲਈ ਇੱਕ ਪੋਲਿੰਗ ਸਟੇਸ਼ਨ ਬਣਾਇਆ ਜਾਣਾ ਸੀ, ਪਰ ਹੁਣ 1250 ਵੋਟਰਾਂ ਲਈ ਇੱਕ ਪੋਲਿੰਗ ਸਟੇਸ਼ਨ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 14 ਸਹਾਇਕ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਦੋਂ ਕਿ 62 ਪੋਲਿੰਗ ਸਟੇਸ਼ਨਾਂ ਵਿੱਚ ਸੋਧ ਕੀਤੀ ਗਈ ਹੈ ਅਤੇ 133 ਪੋਲਿੰਗ ਸਟੇਸ਼ਨਾਂ ਦੇ ਨਾਮ ਬਦਲੇ ਗਏ ਹਨ ਕਿਉਂਕਿ ਸਰਕਾਰ ਵੱਲੋਂ ਪਹਿਲਾਂ ਹੀ ਕੁਝ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਕੇ ਇਨ੍ਹਾਂ ਦੇ ਨਾਮ ਬਦਲ ਦਿੱਤੇ ਗਏ ਸਨ। ਇਸ ਲਈ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਨਾਂ ਵੀ ਬਦਲ ਦਿੱਤੇ ਗਏ ਹਨ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨਾਲ ਸਬੰਧਤ ਸਾਰੀ ਅੱਪਡੇਟ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਅਧਿਕਾਰਤ ਵੈੱਬਸਾਈਟ www.ludhiana.nic.in ‘ਤੇ ਵੀ ਪਾ ਦਿੱਤੀ ਗਈ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਸਾਰਿਆਂ ਨੂੰ ਬਰਾਬਰ ਦੇ ਪੋਲਿੰਗ ਸਟੇਸ਼ਨ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।