ਅਮਲੋਹ ਦੇ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਫੌਗਿੰਗ ਕਰਵਾਈ ਗਈ
ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਮਲੇਰੀਆ ਤੋਂ ਬਚਾਅ ਸਬੰਧੀ ਦੱਸੀਆਂ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ
ਐਸ.ਡੀ.ਐਮ. ਨਮਨ ਮੜਕਨ ਦੀ ਅਗਵਾਈ ਵਿੱਚ ਕਰਵਾਈ ਗਈ ਫੌਗਿੰਗ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 31 ਅਕਤੂਬਰ 2021
ਪ੍ਰਸ਼ਾਸਨ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਅਮਲੋਹ ਸ਼੍ਰੀ ਨਮਨ ਮੜਕਨ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਮਲੋਹ ਵੱਲੋਂ ਇਲਾਕੇ ਦੇ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਤੇ ਮੱਛਰਾਂ ਤੋਂ ਬਚਾਅ ਸਬੰਧੀ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ ਅਤੇ ਇਸ ਕੰਮ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਐਸ.ਡੀ.ਐਮ. ਨਮਨ ਮੜਕਨ ਨੇ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਦੱਸੀਆਂ ਗਈਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ, ਘਰਾਂ ਦੇ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਬਦਲਣਾ ਚਾਹੀਦਾ ਹੈ ਤੇ ਫਰਿੱਜਾਂ ਦੇ ਪਿੱਛੇ ਅਤੇ ਫਰਿੱਜਾਂ ਦੀਆਂ ਦੀਆਂ ਟਰੇਆਂ ਵਿੱਚ ਵੀ ਪਾਣੀ ਖੜਾ ਨਹੀਂ ਹੋਣ ਨਹੀਂ ਦੇਣਾ ਚਾਹੀਦਾ ਅਤੇ ਮੱਛਰਾਂ ਤੋਂ ਬਚਾਅ ਲਈ ਪੂਰਾ ਸ਼ਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਘਰਾਂ ਦੀਆਂ ਛੱਤਾਂ ’ਤੇ ਟੁੱਟੇ ਬਰਤਨਾਂ, ਟਾਇਰਾਂ, ਗਮਲਿਆਂ ਦੀ ਵੀ ਸਮੇਂ-ਸਮੇਂ ਸਿਰ ਸਫਾਈ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਵਿੱਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ।