ਪੰਜਾਬੀ ਮਾਹ-2021 ਦਾ ਵਿਦਾਇਗੀ ਸਮਾਗਮ ਅੱਜ
ਰਿਚਾ ਨਾਗਪਾਲ,ਪਟਿਆਲਾ:29 ਨਵੰਬਰ 2021
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ 01 ਨਵੰਬਰ, 2021 ਤੋਂ ਪੰਜਾਬੀ ਮਾਹ-2021 ਦਾ ਆਗਾਜ਼ ਕੀਤਾ ਗਿਆ ਸੀ ਜਿਸ ਵਿਚ ਪੂਰਾ ਮਹੀਨਾ ਮਾਤ-ਭਾਸ਼ਾ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਸਮੁੱਚੇ ਪੰਜਾਬ ਵਿਚ ਅਨੇਕਾਂ ਸਾਹਿਤਕ ਸਮਾਗਮ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਕਰਮਜੀਤ ਕੌਰ, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਨੇ ਦੱਸਿਆ ਕਿ ਇਹ ਵਿਦਾਇਗੀ ਸਮਾਰੋਹ ਮਿਤੀ 30 ਨਵੰਬਰ, 2021 (ਦਿਨ ਮੰਗਲਵਾਰ) ਨੂੰ ਸਵੇਰੇ 10:30 ਵਜੇ ਭਾਸ਼ਾ ਭਵਨ, ਸ਼ੇਰਾਂਵਾਲਾ ਗੇਟ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਮਾਗਮ ਦੌਰਾਨ ਹਿੰਦੀ ਅਤੇ ਉਰਦੂ ਦੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦੀ ਵੰਡ ਕਰਨ ਦੇ ਨਾਲ-ਨਾਲ ਸਾਹਿਤਕ ਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਜਾਵੇਗਾ। ਇਸ ਮੌਕੇ ਉੱਘੇ ਲੋਕ ਗਾਇਕ ਜਤਿੰਦਰ ਜੀਤੂ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ਅਤੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਲੋਂ ਲੋਕ-ਨਾਚ ਗਿੱਧਾ ਅਤੇ ਭੰਗੜਾ ਦੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਪੰਜਾਬੀ ਮਾਹ-2021 ਦੌਰਾਨ ਸਮੁੱਚੇ ਪੰਜਾਬ ਦੇ ਵੱਖ-ਵੱਖ ਖਿੱਤਿਆਂ ਵਿਚ ਵਿਭਾਗ ਵਲੋਂ 32 ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਾਹਿਤਕਾਰਾਂ ਅਤੇ ਸਰੋਤਿਆਂ ਨੇ ਆਪਣੀ ਭਰਪੂਰ ਹਾਜਰੀ ਲਗਵਾਈ।
ਇਸ ਸਮਾਗਮ ਵਿਚ ਡਾ. ਜਸਵਿੰਦਰ ਸਿੰਘ, ਸ਼੍ਰੋਮਣੀ ਪੰਜਾਬੀ ਆਲੋਚਕ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੀ ਪ੍ਰਧਾਨਗੀ ਡਾ. ਸੁਰਜੀਤ ਲੀਅ ਕਰਨਗੇ ਅਤੇ ਸ੍ਰੀ ਨਿੰਦਰ ਘੁਗਿਆਣਵੀ, ਸ਼੍ਰੋਮਣੀ ਪੰਜਾਬੀ ਸਾਹਿਤਕਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਸ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਡਾਇਰੈਕਟਰ, ਭਾਸ਼ਾ ਵਿਭਾਗ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਸਮੁੱਚੇ ਪੰਜਾਬ ਤੋਂ ਉੱਘੇ ਸਾਹਿਤਕਾਰ/ਵਿਦਵਾਨ ਅਤੇ ਬੁੱਧੀਜਿਵੀ ਸ਼ਿਰਕਤ ਕਰ ਰਹੇ ਹਨ। ਉਹਨਾਂ ਸਮੁੱਚੇ ਪੰਜਾਬੀਆਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿੱਤਾ।