ਪੰਜਾਬ ਸਰਕਾਰ ਦੇ ਯਤਨਾ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆਂ : ਭਾਂਬਰੀ
ਪੰਜਾਬ ਸਰਕਾਰ ਦੇ ਯਤਨਾ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆਂ : ਭਾਂਬਰੀ
- ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਵਿਕਸਤ
- ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਵੱਧ ਬੱਚਿਆਂ ਨੇ ਲਿਆ ਦਾਖਲਾ.
- ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਨੇ ਪਿੰਡ ਤੁਰਾਂ ਦੇ ਮਿਡਲ ਸਕੂਲ ਨੂੰ ਦਿੱਤੀ 2 ਲੱਖ ਰੁਪਏ ਦੀ ਗ੍ਰਾਂਟ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 07 ਦਸੰਬਰ : 2021
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆਂ ਹੈ ਅਤੇ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਵੀ ਵੱਧ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ। ਇਹ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਹਰਿੰਦਰ ਸਿੰਘ ਭਾਂਬਰੀ ਨੇ ਸਰਕਾਰੀ ਮਿਡਲ ਸਕੂਲ ਤੁਰਾਂ ਵਿਖੇ ਵਾਧੂ ਕਮਰਿਆਂ ਦੀ ਉਸਾਰੀ ਲਈ 02 ਲੱਖ ਰੁਪਏ ਦੀ ਗ੍ਰਾਂਟ ਦੇਣ ਸਮੇਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਧੁਨਿਕ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਪੜਾਈ ਕਰਵਾਉਣ ਦੇ ਮੰਤਵ ਨਾਲ ਸਮਾਰਟ ਸਕੂਲ ਬਣਾਏ ਗਏ ਹਨ ਜਿਨ੍ਹਾਂ ਵਿੱਚ ਮਾਹਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ।
ਚੇਅਰਮੈਨ ਭਾਂਬਰੀ ਨੇ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਸਮਾਜਿਕ ਲਾਹਣਤਾਂ ਬਾਰੇ ਜਾਗਰੂਕ ਕਰਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਕਿਉਂਕਿ ਅੱਜ ਦੇ ਨੌਜਵਾਨ ਕੱਲ ਨੂੰ ਕਈ ਉਚ ਆਹੁਦਿਆਂ ’ਤੇ ਪਹੁੰਚਣਗੇ ਅਤੇ ਸਾਡੇ ਦੇਸ਼ ਅਤੇ ਸੂਬੇ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜਿਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜਾਈ ਕਰਵਾਈ ਜਾ ਰਹੀ ਹੈ ਉਥੇ ਹੀ ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਨੂੰ ਖੇਡਾਂ ਵਰਗੀਆਂ ਹੋਰ ਗਤੀਵਿਧੀਆਂ ਨਾਲ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਸਾਡੇ ਬੱਚੇ ਸਮੇਂ ਦੇ ਹਾਣ ਦੀ ਸਿੱਖਿਆ ਹਾਸਲ ਕਰ ਸਕਣ।
ਸ. ਭਾਂਬਰੀ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਪੜਾਈ ਕਰਵਾਉਣ ਨੂੰ ਵੀ ਤਰਜ਼ੀਹ ਦੇਈਏ ਤਾਂ ਜੋ ਸਾਡੇ ਨੌਜਵਾਨ ਉਚੇਰੀ ਸਿੱਖਿਆ ਹਾਸਲ ਕਰਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਣ। ਉਨ੍ਹਾਂ ਹੋਰ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਹੀ ਸੂਬੇ ਦਾ ਚਹੁ ਤਰਫਾ ਵਿਕਾਸ ਹੋਇਆ ਹੈ ਅਤੇ ਲੋਕਾਂ ਵੱਲੋਂ ਜਿਸ ਸੰਜੀਦਗੀ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਹੁੰਗਾਰਾ ਦਿੱਤਾ ਜਾ ਰਿਹਾ ਹੈ ਉਹ ਇਸ ਗੱਲ ਦਾ ਪ੍ਰਤੀਕ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਮੁੜ ਕਾਂਗਰਸ ਦੀ ਸਰਕਾਰ ਬਣੇਗੀ।
ਇਸ ਮੌਕੇ ਸਰਪੰਚ ਮਨਦੀਪ ਕੌਰ, ਪੰਚ ਸਾਧੂ ਸਿੰਘ, ਹਾਕਮ ਸਿੰਘ, ਅਜੈਬ ਸਿੰਘ, ਜਰਨੈਲ ਸਿੰਘ ਸਾਬਕਾ ਸਰਪੰਚ ਨਿਰਮਲ ਸਿੰਘ, ਭੋਲਾ ਸਿੰਘ ਅਤੇ ਸਰਕਾਰੀ ਸਕੂਲ ਤੁਰਾਂ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।