ਫਾਜਿ਼ਲਕਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ
ਫਾਜਿ਼ਲਕਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ
- 21 ਜਨਵਰੀ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਅਤੇ 14 ਫਰਵਰੀ ਨੂੰ ਹੋਵੇਗਾ ਮਤਦਾਨ
- ਚੋਣ ਜ਼ਾਬਤੇ ਦੀ ਉਲੰਘਣਾ ’ਤੇ ਹੋਵੇਗੀ ਸਖਤ ਕਾਰਵਾਈ
ਬਿੱਟੂ ਜਲਾਲਾਬਾਦੀ,ਫਾਜਿ਼ਲਕਾ, 8 ਜਨਵਰੀ 2022
ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰਾ ਵੱਲੋਂ ਅੱਜ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਫਾਜਿ਼ਲਕਾ ਜ਼ਿਲ੍ਹੇ ਵਿੱਚ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਾਸਤੇ ਜ਼ਿਲ੍ਹੇ ਵਿੱਚ 4 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਕਾਰਜਸ਼ੀਲ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਸਿੱਝਣ ਦੇ ਨਿਰਦੇਸ਼ ਦਿੱਤੇ ਗਏ ਹਨ।
ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਫਾਜਿਲ਼ਕਾ ਜ਼ਿਲ੍ਹੇ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਅਬੋਹਰ, ਬੱਲੂਆਣਾ, ਜਲਾਲਾਬਾਦ ਅਤੇ ਫਾਜਿ਼ਲਕਾ ਵਾਸਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿਖੇ 21 ਜਨਵਰੀ ਤੋਂ 28 ਜਨਵਰੀ 2022 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਅਤੇ ਵਾਪਸੀ 31 ਜਨਵਰੀ ਤੱਕ ਹੋ ਸਕੇਗੀ। ਮਤਦਾਨ 14 ਫਰਵਰੀ 2022 ਨੂੰ ਹੋਵੇਗਾ ਅਤੇ ਗਿਣਤੀ 10 ਮਾਰਚ 2022 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਇੱਕ ਹਲਕੇ ਦੇ ਇੱਕ ਉਮੀਦਵਾਰ ਦੇ ਚੋਣ ਲੜਨ ਦੀ ਵੱਧ ਤੋਂ ਵੱਧ ਵਿੱਤੀ ਖਰਚ ਸੀਮਾ 40 ਲੱਖ ਰੁਪਏ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ‘ਪੇਡ ਨਿਊਜ਼’ ਅਤੇ ਹੋਰ ਆਨਲਾਈਨ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਸਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫ਼ਿਕੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਟ੍ਰਾਨਿਕ ਜਾਂ ਸੋਸ਼ਲ ਮੀਡੀਆ ’ਤੇ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਉਮੀਦਵਾਰ ਨੂੰ ਕਮੇਟੀ ਤੋਂ ਸਰਟੀਫ਼ਾਈ ਕਰਵਾਉਣਾ ਪਵੇਗਾ।