ਬੀਕੇਯੂ-ਡਕੌਂਦਾ ਵੱਲੋ ਸੂਬਾ ਪੱਧਰੀ ਜੂਝਾਰ-ਰੈਲੀ ਲਈ ਤਿਆਰੀਆਂ ਜੋਰਾਂ’ਤੇ
ਬੀਕੇਯੂ-ਡਕੌਂਦਾ ਵੱਲੋ ਸੂਬਾ ਪੱਧਰੀ ਜੂਝਾਰ-ਰੈਲੀ ਲਈ ਤਿਆਰੀਆਂ ਜੋਰਾਂ’ਤੇ
- 10 ਜਨਵਰੀ ਦਾਣਾ ਮੰਡੀ ਬਰਨਾਲਾ ਇਕੱਠ ਇਤਿਹਾਸਕ ਹੋਵੇਗਾ-ਧਨੇਰ
ਸੋਨੀ ਪਨੇਸਰ,ਬਰਨਾਲਾ 6 ਜਨਵਰੀ
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ 10 ਜਨਵਰੀ ਨੂੰ ਬਰਨਾਲਾ ਦਾਣਾ ਮੰਡੀ ਵਿਖੇ ਕੀਤੀ ਜਾਣ ਵਾਲ਼ੀ ਸੂਬਾ-ਪੱਧਰੀ ‘ਜੂਝਾਰ ਰੈਲੀ’ ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਜਥੇਬੰਦੀ ਵੱਲੋਂ ਵੱਖ-ਵੱਖ ਜਿਲ੍ਹਿਆਂ ‘ਚ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਵਰਦੇ ਮੀਂਹ ਦੇ ਬਾਵਜੂਦ ਸੈਂਕੜੇ ਪਿੰਡਾਂ ਵਿੱਚ ਬੀਕੇਯੂ ਏਕਤਾ ਡਕੌਂਦਾ ਦੇ ਮਰਦ ਔਰਤਾਂ ਦੇ ਆਗੂ ਕਾਫਲਿਆਂ ਨੇ ਟੀਮਾਂ ਬਣਾਕੇ ਘਰ ਘਰ ਜਾਕੇ 10 ਜਨਵਰੀ ਜੁਝਾਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਬੀਕੇਯੂ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨੀ ਕਰਜ਼ੇ ਰੱਦ ਕਰਵਾਉਣ, ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ(ਐਮਐਸਪੀ) ਲਈ ਗਰੰਟੀ ਕਾਨੂੰਨ ਬਣਾਉਣ, ਫਸਲਾਂ ਦੀ ਸਰਕਾਰੀ ਖ੍ਰੀਦ ਦੀ ਗਰੰਟੀ ਦੇਣ, ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਵਾਉਣ, ਸ਼ਹੀਦਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦਿਵਾਉਣ, ਗੁਲਾਬੀ ਸੁੰਡੀ ਅਤੇ ਝੋਨੇ ਦੀ ਫਸਲ ਦੇ ਖ਼ਰਾਬੇ ਦਾ ਮੁਆਵਜ਼ਾ ਹਾਸਲ ਕਰਨ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ‘ਜੂਝਾਰ ਰੈਲੀ’ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਰੈਲੀ ਦੌਰਾਨ ਬਠਿੰਡਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਪਟਿਆਲਾ, ਮੁਹਾਲੀ, ਲੁਧਿਆਣਾ, ਗੁਰਦਾਸਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਪਹੁੰਚਣਗੇ।