ਲੋਕਾਂ ਦੀ ਨਬਜ਼ ਟੋਹਣ ਲਈ ਮੁੱਖ ਮੰਤਰੀ ਚੰਨੀ 27 ਨਵੰਬਰ ਨੂੰ ਕਰਨਗੇ ਬਰਨਾਲਾ ਜਿਲ੍ਹੇ ਦਾ ਦੌਰਾ
ਕੇਵਲ ਸਿੰਘ ਢਿੱਲੋਂ ਨੇ ਕਿਹਾ ਜਿਲ੍ਹੇ ਦੇ ਲੋਕਾਂ ਦੀਆਂ ਆਸਾਂ ਨੂੰ ਹੁਣ ਹੋਰ ਪਵੇਗਾ ਬੂਰ
ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲਿਆਂ ਦੇ ਵਾਰਿਸਾਂ ਨੂੰ ਮੁਆਵਜੇ ਦੇ ਚੈਕ ਅਤੇ ਨੌਕਰੀਆਂ ਦੇ ਪੱਤਰ ਵੀ ਦੇਣਗੇ
ਹਰਿੰਦਰ ਨਿੱਕਾ ,ਬਰਨਾਲਾ , 25 ਨਵੰਬਰ 2021
ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਚਰਨਜੀਤ ਸਿੰਘ ਚੰਨੀ 27 ਨਵੰਬਰ ਨੂੰ ਬਰਨਾਲਾ ਜਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਦੀ ਆਮਦ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਤੇ ਜਿਲ੍ਹੇ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ, ਉਨਾਂ ਨੂੰ ਪੂਰੀ ਉਮੀਦ ਹੈ ਕਿ ਮੁੱਖ ਮੰਤਰੀ ਦੀ ਪਹਿਲੀ ਫੇਰੀ, ਜਿੱਥੇ ਹੋਰ ਵੱਡੇ ਵਿਕਾਸ ਕੰਮਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ, ਉੱਥੇ ਹੀ ਉਨ੍ਹਾਂ ਦੀ ਫੇਰੀ ਨਾਲ ਕਾਂਗਰਸ ਪਾਰਟੀ ਨੂੰ ਹੋਰ ਵਧੇਰੇ ਮਜਬੂਤੀ ਵੀ ਮਿਲੇਗੀ।
ਸਰਦਾਰ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਮਹਿਲ ਕਲਾਂ, ਫਿਰ ਬਰਨਾਲਾ ਅਤੇ ਬਾਅਦ ਵਿੱਚ ਭਦੌੜ ਵਿਧਾਨ ਸਭਾ ਹਲਕੇ ਦੇ ਖੇਤਰ ਤਪਾ ਮੰਡੀ ਵਿਖੇ ਆਯੋਜਿਤ ਵੱਖ ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ। ਉੱਥੇ ਹੀ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਵੀ ਕਰਨਗੇ। ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜਿੱਥੇ ਪ੍ਰਸ਼ਾਸ਼ਨ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਨਿੱਜੀ ਤੌਰ ਤੇ ਵੀ ਉਨਾਂ ਦੀ ਜਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ ਸਬੰਧੀ ਕਾਫੀ ਵਿਸਥਾਰ ਨਾਲ ਗੱਲ ਵੀ ਹੋ ਚੁੱਕੀ ਹੈ। ਉੱਧਰ ਪ੍ਰਸ਼ਾਸ਼ਨਿਕ ਸੂਤਰਾਂ ਤੋਂ ਮਿਲੀ ਸੂਚਨਾ ਅਨੁਸਾਰ ਮੁੱਖ ਮੰਤਰੀ ਚੰਨੀ , ਕਿਸਾਨ ਸੰਘਰਸ਼ ਵਿੱਚ , ਬਰਨਾਲਾ ਜਿਲ੍ਹੇ ਨਾਲ ਸਬੰਧਿਤ ਸ਼ਹੀਦ ਹੋਣ ਵਾਲਿਆਂ ਦੇ ਵਾਰਿਸਾਂ ਨੂੰ ਮੁਆਵਜੇ ਦੇ ਚੈਕ ਅਤੇ ਸਰਕਾਰੀ ਨੌਕਰੀਆਂ ਦੇ ਪੱਤਰ ਵੀ ਸੌਂਪਣਗੇ।