ਵਿਧਾਇਕ ਨਾਗਰਾ ਨੇ ਸਰਕਾਰੀ ਸਕੂਲਾਂ ਨੂੰ ਵਿਦਿਆਰਥੀਆਂ ਲਈ ਸੌਂਪੇ ਟੈਬਲੇਟਸ
ਵਿਧਾਇਕ ਨਾਗਰਾ ਨੇ ਸਰਕਾਰੀ ਸਕੂਲਾਂ ਨੂੰ ਵਿਦਿਆਰਥੀਆਂ ਲਈ ਸੌਂਪੇ ਟੈਬਲੇਟਸ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ- 24 ਦਸੰਬਰ 2021
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਤੇ ਨਾਲ ਹੀ ਸਕੂਲਾਂ ਨੂੰ ਟੈਬਲੇਟਸ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ ਪੰਜਾਬ ਦਾ ਭਵਿੱਖ ਸੁਨਹਿਰਾ ਬਣ ਰਿਹਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬੱਚਤ ਭਵਨ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਹਿੰਦ, ਮਾਤਾ ਗੁਜਰੀ ਸਰਕਾਰੀ ਸਕੂਲ, ਫ਼ਤਹਿਗੜ੍ਹ ਸਾਹਿਬ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਦੇ ਨੁਮਾਇੰਦਿਆਂ ਨੂੰ ਵਿਦਿਆਰਥੀਆਂ ਲਈ 5-5 ਟੈਬਲੇਟਸ ਸੌਂਪਣ ਮੌਕੇ ਕੀਤਾ, ਜਿਹੜੇ ਕਿ ਸਕੂਲ ਲਾਇਬਰੇਰੀਆਂ ਵਿਚ ਰੱਖੇ ਜਾਣਗੇ।
ਸ. ਨਾਗਰਾ ਨੇ ਕਿਹਾ ਕਿ ਅੱਜ ਤਕਨੀਕ ਸਦਕਾ ਇਕ ਬਟਨ ਨਾਲ ਸਾਰੇ ਸੰਸਾਰ ਦੀ ਜਾਣਕਾਰੀ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਕਿ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਮਿਲੇ ਤੇ ਉਹ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ। ਬੱਚੇ ਦੇਸ਼ ਦਾ ਭਵਿੱਖ ਹਨ ਤੇ ਦੇਸ਼ ਦੇ ਚੰਗੇ ਭਵਿੱਖ ਲਈ ਚੰਗੀ ਵਿਦਿਆ ਲਾਜ਼ਮੀ ਹੈ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਹਿਣੀ ਤੇ ਕਰਨੀ ਦੇ ਪੂਰੇ ਹੋਣ ਦਾ ਸਬੂਤ ਦਿੰਦਿਆਂ ਇਹ ਟੈਬਲੇਟਸ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਕਨਾਲੋਜੀ ਦਾ ਯੁੱਗ ਹੈ ਤੇ ਤਕਨੀਕੀ ਚੀਜ਼ਾਂ ਦਾ ਜ਼ਿੰਦਗੀ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਇਨ੍ਹਾਂ ਟੈਬਲੇਟਸ ਦਾ ਲਾਹਾ ਲੈਂਦਿਆਂ ਆਪਣਾ ਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਕੋਲ ਤਕਨੀਕੀ ਚੀਜ਼ਾਂ ਨਾ ਹੋਣ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।
ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ। ਇਸੇ ਤਹਿਤ ਜ਼ਿਲ੍ਹੇ ਵਿੱਚ ਸੀਨੀਅਰ ਸੈਕੰਡਰੀ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ।
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਨੁਮਾਇੰਦਿਆਂ ਸਮੇਤ ਪਤਵੰਤੇ ਹਾਜ਼ਰ ਸਨ।