ਵਿਧਾਨ ਸਭਾ ਚੋਣਾਂ ਲਈ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਤਾਇਨਾਤ : ਮਿੱਤਲ
ਵਿਧਾਨ ਸਭਾ ਚੋਣਾਂ ਲਈ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਤਾਇਨਾਤ : ਮਿੱਤਲ
– ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਸੁਰੱਖਿਆ ਦਸਤਿਆਂ ਨੂੰ ਦਿੱਤੀ ਗਈ ਵਿਸ਼ੇਸ਼ ਸਿਖਲਾਈ
– ਆਈ.ਜੀ. ਰੂਪਨਗਰ ਰੇਂਜ ਤੇ ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਖੀ ਨੇ ਸਿਖਲਾਈ ਦਾ ਲਿਆ ਜਾਇਜ਼ਾ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 09 ਫਰਵਰੀ 2022
ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਪ੍ਰਕ੍ਰਿਆ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਮੁਕੰਮਲ ਕਰਨ ਵਾਸਤੇ ਪੁਲਿਸ ਲਾਈਨ ਵਿਖੇ ਚੋਣਾਂ ਦੌਰਾਨ ਡਿਊਟੀ ਦੇਣ ਵਾਲੇ ਸੁਰੱਖਿਆ ਦਸਤਿਆਂ ਨੂੰ ਵਿਸ਼ੇਸ਼ ਸਿਖਲਾਈ ਅਤੇ ਡੈਮੋ ਸ਼ੈਸ਼ਨ ਕਰਵਾਇਆ ਗਿਆ, ਜਿਸ ਵਿੱਚ ਆਈ.ਜੀ. ਰੂਪਨਗਰ ਰੇਂਜ ਦੇ ਆਈ.ਜੀ. ਸ਼੍ਰੀ ਅਰੁਣ ਕੁਮਾਰ ਮਿੱਤਲ ਅਤੇ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਹਿਲ ਨੇ ਸਿ਼ਰਕਤ ਕੀਤੀ। ਆਈ.ਜੀ. ਅਰੁਣ ਕੁਮਾਰ ਮਿੱਤਲ ਨੇ ਚੋਣਾ ਦੌਰਾਨ ਅਤੇ ਚੋਣਾ ਤੋਂ ਪਹਿਲਾਂ ਜਿ਼ਲ੍ਹਾ ਪੁਲਿਸ ਵੱਲੋਂ ਕੀਤੇ ਗਏ ਪ੍ਰਬੰਧਾ ਦਾ ਜਾਇਜ਼ਾ ਵੀ ਲਿਆ ਅਤੇ ਪੁਲਿਸ ਜਵਾਨਾਂ ਨੂੰ ਚੋਣ ਕਮਿਸ਼ਨ ਦੇ ਹੁਕਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਪੁਲਿਸ ਵੱਲੋਂ ਲਗਾਏ ਗਏ ਨਾਕਿਆਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਈ.ਜੀ. ਅਰੁਣ ਮਿੱਤਲ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਪੁਲਿਸ ਦੀ ਤਰਜ਼ੀਹ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦਾ ਲਾਲਚ ਦੇਣ ਜਾਂ ਦਬਾਅ ਹੇਠ ਵੋਟਾਂ ਦੀ ਮੰਗ ਕਰਨ ਵਾਲੇ ਲੋਕਾਂ ਨੂੰ ਬਖਸਿ਼ਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜਿਥੇ ਜਿ਼ਲ੍ਹੇ ਦੇ ਵੱਖ-ਵੱਖ ਦਾਖਲਾ ਗੇਟਾਂ ’ਤੇ ਨਾਕੇ ਲਗਾਏ ਗਏ ਹਨ ਉਥੇ ਹੀ ਸੁਰੱਖਿਆ ਦਸਤਿਆਂ ਵੱਲੋਂ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਵੋਟਰਾਂ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾ ਲਈ ਵਿਸ਼ਵਾਸ਼ ਪੈਦਾ ਕਰਨ ਵਾਸਤੇ ਕੀਤੇ ਗਏ ਫਲੈਗ ਮਾਰਚ ਦੀ ਅਗਵਾਈ ਵੀ ਕੀਤੀ।
ਵਰਨਣਯੋਗ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਪੁਲਿਸ ਲਾਈਨ ਵਿਖੇ ਜਿ਼ਲ੍ਹੇ ਦੀਆਂ ਸਾਰੀਆਂ ਇਕਾਈਆਂ, ਸਟਰਾਈਕ ਰਿਜ਼ਰਵ ਅਤੇ ਕੇਂਦਰੀ ਹਥਿਆਰਬੰਦ ਬਲਾਂ ਦੇ ਪੁਲਿਸ ਮੁਲਾਜ਼ਮਾਂ ਨੂੰ ਦੰਗਾ ਵਿਰੋਧੀ ਉਪਕਰਣਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜਿ਼ਲ੍ਹੇ ਦੇ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਪੁਲਿਸ ਮੁਲਾਜਮਾਂ ਨੂੰ ਹੈਂਡ ਆਨ ਸ਼ੈਸ਼ਨ ਵੀ ਕਰਵਾਏ ਗਏ। ਇਸ ਤੋਂ ਇਲਾਵਾ ਜਿ਼ਲ੍ਹੇ ਦੇ ਕੁਇਕ ਰਿਸਪਾਂਸ ਟੀਮਾਂ, ਕਰਾਊਡ ਡਿਸਪਰਸਲ ਸਕੁਐਡ ਦੁਆਰਾ ਭੀੜ ਨੂੰ ਸੰਭਾਲਣ ਅਤੇ ਭੀੜ ਨੂੰ ਖਿੰਡਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ ਪੈਦਾ ਹੋਣ ’ਤੇ ਪੁਲਿਸ ਜਵਾਨ ਸਹੀ ਢੰਗ ਨਾਲ ਆਪਣੇ ਫਰਜ਼ ਅਦਾ ਕਰ ਸਕਣ। ਉਨ੍ਹਾਂ ਜਿ਼ਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਚੋਣ ਪ੍ਰਕ੍ਰਿਆ ਅਮਨ ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਵਿੱਚ ਮੁਕੰਮਲ ਕਰਨ ਲਈ ਜਿ਼ਲ੍ਹਾ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ।