ਵੋਟਾਂ ਦੇ ਸਮੁੱਚੇ ਅਮਲ ਨੂੰ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਵਚਨਬੱਧ: ਰਾਮਵੀਰ
ਵੋਟਾਂ ਦੇ ਸਮੁੱਚੇ ਅਮਲ ਨੂੰ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਵਚਨਬੱਧ: ਰਾਮਵੀਰ
ਪਰਦੀਪ ਕਸਬਾ ,ਸੰਗਰੂਰ, 18 ਫ਼ਰਵਰੀ 2022
ਜ਼ਿਲਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜ਼ਿਲੇ ਅੰਦਰ ਚੋਣ ਪ੍ਰਕਿਰਿਆ ਦਾ ਹਿੱਸਾ ਬਣ ਰਹੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੱਤੀ ਜੋ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾ ਰਹੇ ਹਨ। ਉਨਾਂ ਕਿਹਾ ਕਿ 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਦੇ ਸਮੁੱਚੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਵਚਨਬੱਧ ਹੈ ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਜ਼ਿਲਾ ਚੋਣ ਅਫ਼ਸਰ ਨੇ ਸਮੂਹ ਚੋਣ ਅਮਲੇ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜ਼ਿਲੇ ’ਚ 593 ਪੋਲਿੰਗ ਸਟੇਸ਼ਨਾਂ ’ਤੇ 1006 ਪੋਲਿੰਗ ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਸਮੂਹ ਸਟਾਫ਼ ਦੇ ਰਹਿਣ-ਸਹਿਣ ਅਤੇ ਖਾਣੇ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਪ੍ਰਜਾਇਡਿੰਗ ਅਫ਼ਸਰ ਟੀਮ ਦੇ ਇੰਚਾਰਜ਼ ਹੋਣਗੇ ਅਤੇ ਈ.ਵੀ.ਐਮ. ਅਤੇ ਵੀ.ਵੀ. ਪੈਟ. ਰੱਖ ਰਖਾਓ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਭਾਵੇਂ ਕਿ ਚੋਣ ਅਮਲੇ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਪਰ ਫਿਰ ਵੀ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਜੇਕਰ ਕਿਸੇ ਤਰਾਂ ਦਾ ਖਦਸ਼ਾ ਹੋਵੇ ਤਾਂ ਉਹ ਰਿਟਰਨਿੰਗ ਅਫ਼ਸਰ ਦੇ ਪੱਧਰ ’ਤੇ ਮੌਜ਼ੂਦ ਮਾਸਟਰ ਟ੍ਰੇਨਰਾਂ ਨਾਲ ਤਾਲਮੇਲ ਕਰ ਸਕਦਾ ਹੈ।
ਉਨਾਂ ਕਿਹਾ ਕਿ ਚੋਣ ਅਮਲਾ ਚੋਣਾਂ ਵਾਲੇ ਦਿਨ ਪੋਲਿੰਗ ਏਜੰਟਾਂ ਦੀ ਮੌਜ਼ੂਦਗੀ ’ਚ ਮੌਕ ਪੋਲ ਨੂੰ ਯਕੀਨੀ ਬਣਾਵੇਗਾ ਜੋ ਕਿ ਸਵੇਰੇ 7 ਵਜੇ ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ਤੋਂ ਬਾਅਦ ਈ.ਵੀ.ਐਮ. ਅਤੇ ਵੀ.ਵੀ. ਪੈਟ. ’ਚੋਂ ਵੋਟਾਂ ਨੂੰ ਰੱਦ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵੋਟ ਬਾਕੀ ਨਾ ਰਹੇ ਅਤੇ ਇਸ ਤੋਂ ਬਾਅਦ 8 ਵਜੇ ਪੋਲਿੰਗ ਪ੍ਰਕਿਰਿਆ ਸ਼ੁਰੂ ਕਰਵਾਈ ਜਾਵੇ।
ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈਬ ਲਾਇਵ ਕੈਮਰਿਆਂ ਰਾਹੀਂ ਮੁੱਖ ਚੋਣ ਅਧਿਕਾਰੀ ਅਤੇ ਜ਼ਿਲਾ ਚੋਣ ਦਫ਼ਤਰ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਸਮੂਹ ਚੋਣ ਅਮਲਾ ਆਪਣੀਆਂ ਡਿਊਟੀਆਂ ਨੂੰ ਨਿਰਪੱਖ ਤੌਰ ’ਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵੇ। ਉਨਾਂ ਕਿਹਾ ਕਿ ਚੋਣ ਅਮਲੇ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਂਦੀ ਸਮੱਗਰੀ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ ਇਸ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ 20 ਫ਼ਰਵਰੀ ਸ਼ਾਮ 6 ਵਜੇ ਪੋਲਿੰਗ ਸਟੇਸ਼ਨ ਅੰਦਰ ਲਾਇਨ ਦੇ ਅੰਤ ’ਚ ਖੜੇ ਵੋਟਰ ਤੋਂ ਸ਼ੁਰੂ ਕਰਕੇ ਪਰਚੀਆਂ ਦਿੱਤੀਆਂ ਜਾਣ ਤਾਂ ਜੋ ਨਿਰਧਾਰਤ ਸਮੇਂ ਅੰਦਰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਵਾਲੇ ਵੋਟਰ ਆਪਣੀ ਵੋਟ ਦੇ ਮਹੱਤਵਪੂਰਨ ਹੱਕ ਦੀ ਵਰਤੋਂ ਕਰ ਸਕਣ। ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਨੇ ਸਮੂਹ ਚੋਣ ਅਮਲੇ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵੋਟਾਂ ਵਾਲੇ ਦਿਨ ਤੋਂ ਪਹਿਲਾਂ ਤੇ ਵੋਟਾਂ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਇਸ ਲਈ ਕਿਸੇ ਵੀ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਕੋਈ ਵੀ ਪੋਲਿੰਗ ਸਟਾਫ਼ ਇਨਾਂ ਹੁਕਮਾਂ ਦੀ ਉਲੰਘਣਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।