ਸਾਬਕਾ ਵਿਧਾਇਕ ਸੁਖਪਾਲ ਨੰਨੂ ਨੇ ਰਾਣਾ ਸੋਢੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਸਾਬਕਾ ਵਿਧਾਇਕ ਸੁਖਪਾਲ ਨੰਨੂ ਨੇ ਰਾਣਾ ਸੋਢੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 25 ਜਨਵਰੀ, 2022
ਭਾਰਤੀ ਜਨਤਾ ਪਾਰਟੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਉਨ੍ਹਾਂ ਦੀ ਰਿਹਾਇਸ਼ ‘ਤੇ ਵਰਕਰ ਮੀਟਿੰਗ ਦੌਰਾਨ ਸਮਰਥਨ ਕੀਤਾ ਹੈ। ਨੰਨੂ ਨੇ ਆਪਣੇ ਸੈਂਕੜੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਫਿਰ ਰਾਣਾ ਸੋਢੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਧਨੌਲਾ ਤੋਂ ਇਲਾਵਾ ਜ਼ਿਲ੍ਹੇ ਦੀ ਲੀਡਰਸ਼ਿਪ ਵੀ ਮੌਜੂਦ ਸੀ। ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਉਹ ਖੁਦ ਭਾਜਪਾ ਦੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਭਾਜਪਾ ਨੂੰ ਚੋਣਾਂ ਵਿੱਚ ਖੁੱਲ੍ਹ ਕੇ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਣਾ ਸੋਢੀ ਦੇ ਨਾਲ ਉਹ ਖੁੱਲ੍ਹ ਕੇ ਸ਼ਹਿਰ-ਛਾਉਣੀ ਸਮੇਤ ਪਿੰਡਾਂ ਵਿੱਚ ਜਾ ਕੇ ਲੋਕਾਂ ਤੋਂ ਵੋਟਾਂ ਮੰਗਣਗੇ।
ਰਾਣਾ ਸੋਢੀ ਨੇ ਕਿਹਾ ਕਿ ਸੁਖਪਾਲ ਸਿੰਘ ਨੰਨੂ ਪਾਰਟੀ ਦੇ ਪੁਰਾਣੇ ਅਹੁਦੇਦਾਰ ਹਨ ਅਤੇ ਉਨ੍ਹਾਂ ਨੇ ਜਿਸ ਤਰ੍ਹਾਂ ਆਪਣੇ ਵਰਕਰਾਂ ਸਮੇਤ ਉਨ੍ਹਾਂ ਦਾ ਸਾਥ ਦਿੱਤਾ ਹੈ, ਉਸ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿੱਚ ਗੁੰਡਾਗਰਦੀ ਨੂੰ ਖਤਮ ਕਰਨਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਉਨ੍ਹਾਂ ਦਾ ਪਹਿਲਾ ਵੱਡਾ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਦਹਿਸ਼ਤ ਵਿੱਚ ਲੋਕ ਆਪਣੀ ਜ਼ਿੰਦਗੀ ਜੀਅ ਰਹੇ ਹਨ, ਲੋਕਾਂ ਨੂੰ ਉਸ ਡਰ ਦੇ ਮਾਹੌਲ ਵਿੱਚੋਂ ਬਾਹਰ ਕੱਢਿਆ ਜਾਵੇਗਾ। ਰਾਣਾ ਸੋਢੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਿਰੋਜ਼ਪੁਰ ਦੀ ਤਰੱਕੀ ਅਤੇ ਵਿਕਾਸ ਲਈ ਕਈ ਕੰਮ ਕੀਤੇ ਗਏ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ, ਸੂਬਾ ਕਾਰਜਕਾਰਨੀ ਮੈਂਬਰ ਨਤਿੰਦਰ ਮੁਖੀਜਾ, ਦੀਪਕ ਵਰਮਾ, ਐਡਵੋਕੇਟ ਕਰਨ ਪੁਗਲ, ਮੋਹਿਲ ਢੱਲ ਸਮੇਤ ਦਰਜਨਾਂ ਪਿੰਡਾਂ ਦੇ ਭਾਜਪਾ ਵਰਕਰ ਹਾਜ਼ਰ ਸਨ |