ਸਿਹਤ ਕਾਮਿਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ : ਸੋਨੀ
ਸਿਹਤ ਕਾਮਿਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ : ਸੋਨੀ
- ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਫ਼ਤਹਿਗੜ੍ਹ ਸਾਹਿਬ ਵਿਖੇ 50 ਬਿਸਤਰਿਆਂ ਵਾਲਾ ਜੱਚਾ ਬੱਚਾ ਹਸਪਤਾਲ ਕੀਤਾ ਲੋਕ ਅਰਪਤ
- ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾ ਰਹੀ ਤਰਜੀਹ
- ਭਗੜਾਣਾ ਦੇ ਪ੍ਰਾਇਮਰੀ ਸਿਹਤ ਕੇਂਦਰ ਨੂੰ ਅਪਗ੍ਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ ਕਰਨ ਦਾ ਕੀਤਾ ਐਲਾਨ
- ਤਲਾਣੀਆਂ ਵਿਖੇ ਪਰਵਾਸੀ ਪੰਜਾਬੀਆਂ ਵਲੋਂ ਬਣਾਇਆ ਮਾਤਾ ਗੁਜਰੀ ਹਸਪਤਾਲ ਵੀ ਕੀਤਾ ਲੋਕ ਅਰਪਣ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 14 ਦਸੰਬਰ: 2021
ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਓ.ਪੀ. ਸੋਨੀ ਨੇ ਇਥੇ ਐਲਾਨ ਕੀਤਾ ਕਿ ਸਿਹਤ ਕਾਮਿਆਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀ ਸੋਨੀ ਫ਼ਤਹਿਗੜ੍ਹ ਸਾਹਿਬ ਵਿਖੇ 50 ਬਸਤਰਿਆਂ ਵਾਲੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਜੱਚਾ ਬੱਚਾ ਹਸਪਤਾਲ ਅਤੇ ਤਲਾਣੀਆਂ ਵਿਖੇ ਪਰਵਾਸੀ ਪੰਜਾਬੀਆਂ ਵਲੋਂ ਬਣਾਇਆ ਮਾਤਾ ਗੁਜਰੀ ਹਸਪਤਾਲ ਲੋਕ ਅਰਪਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਸਿਹਤ ਕਾਮਿਆਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਪ੍ਰਵਾਨ ਕੀਤੀਆਂ ਜਾਣ।
ਸ਼੍ਰੀ ਸੋਨੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਬੱਚਤ ਭਵਨ ਵਿਖੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।
ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ 32 ਜੱਚਾ ਬੱਚਾ ਹਸਪਤਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਜੱਚਾ ਬੱਚਾ ਕੇਂਦਰ ਚਾਰ ਮੰਜਿ਼ਲਾ ਬਣਾਇਆ ਗਿਆ ਹੈ ਅਤੇ ਇਸ ਵਿੱਚ ਇੱਕ ਸੈਮੀਨਾਰ ਹਾਲ ਵੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਗਰਭਵਤੀ ਔਰਤ ਅਤੇ ਨਵਜੰਮੇ ਬੱਚੇ ਨੂੰ 24 ਘੰਟੇ ਅਤਿ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।
ਸ਼੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੋ ਲੋਕ ਹਿੱਤ ਵਿੱਚ ਐਲਾਨ ਕਰ ਰਹੇ ਹਨ ਉਹ ਪੂਰੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸ਼ਲਾਘਾ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ. ਨਾਗਰਾ ਜਿਸ ਮਿਹਨਤ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਉਹ ਕਾਬਿਲ-ਏ-ਤਾਰੀਫ ਹੈ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਹਲਕੇ ਵਿੱਚ ਵੱਡੀ ਪੱਧਰ ’ਤੇ ਵਿਕਾਸ ਕਰਵਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਿਨ ਰਾਤ ਇੱਕ ਕਰਕੇ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਜਿਸ ਲਗਨ ਤੇ ਮਿਹਨਤ ਨਾਲ ਹਲਕੇ ਦਾ ਵਿਕਾਸ ਕਰਵਾ ਰਹੇ ਹਨ, ਉਸ ਨਾਲ ਇਹ ਹਲਕਾ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਹਲਕਾ ਬਣੇਗਾ।
ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਹਿਲਾਂ ਜਿਵੇਂ ਹਲਕੇ ਦੇ ਲੋਕਾਂ ਨੇ ਜੋ ਪਿਆਰ ਤੇ ਸਤਿਕਾਰ ਉਨ੍ਹਾਂ ਨੂੰ ਦਿੱਤਾ ਹੈ, ਉਹ ਉਸ ਨੂੰ ਕਦੇ ਵੀ ਭੁਲਾ ਨਹੀਂ ਸਕਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਲੋਕਾਂ ਦਾ ਪਿਆਰ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹਲਕੇ ਦਾ ਸੇਵਾਦਾਰ ਹੋਣ ਨਾਤੇ ਉਨ੍ਹਾਂ ਹਲਕੇ ਦੇ ਪਿਛਲੇ ਲੰਮੇਂ ਸਮੇਂ ਤੋਂ ਰੁਕੇ ਪਏ ਵਿਕਾਸ ਕਾਰਜਾਂ ਨੂੰ ਸਿਰੇ ਚਾੜਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਲੰਮੇਂ ਸਮੇਂ ਤੋ ਖਸਤਾ ਹਾਲ ਸੰਪਰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾਈ ਗਈ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਆਉਂਦੀਆਂ ਸਾਰੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕੀਤਾ ਗਿਆ, ਜੀ.ਟੀ.ਰੋਡ ਉਤੇ ਸਥਿਤ ਬੱਸ ਸਟੈਂਡ ਦਾ ਨਿਰਮਾਣ ਕਰਵਾਉਣਾ, ਆਮ ਖਾਸ ਬਾਗ ਦੀ ਪੁਰਾਤਨ ਦਿੱਖ ਕਾਇਮ ਰਖਦਿਆਂ ਉਸ ਦੀ ਸੰਭਾਲ ਕੀਤੀ ਗਈ ਹੈ ਅਤੇ ਹੋਰ ਕਈ ਮਹੱਤਵਪੂਰਨ ਪ੍ਰੋਜੈਕਟ ਸਰਕਾਰ ਤੋਂ ਪਾਸ ਕਰਵਾਏ ਜਿਸ ਨਾਲ ਹਲਕੇ ਦੀ ਨੁਹਾਰ ਬਦਲੀ ਗਈ ਹੈ।
ਸ. ਨਾਗਰਾ ਨੇ ਕਿਹਾ ਕਿ ਪਰਵਾਸੀ ਪੰਜਾਬੀ ਭਰਾਵਾਂ ਅਜੈ ਪਾਲ ਸਿੰਘ ਤੇ ਮਨਿੰਦਰਜੀਤ ਸਿੰਘ ਨੇ ਆਪਣੇ ਪਿਤਾ ਅਮਰਾਓ ਸਿੰਘ ਬਾਠ ਦੀ ਯਾਦ ਵਿੱਚ ਮਾਤਾ ਗੁਜਰੀ ਹਸਪਤਾਲ ਤਲਾਣੀਆਂ ਵਿਖੇ ਬਣਾਇਆ ਹੈ, ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਤਹਈਆ ਕੀਤਾ ਹੈ ਕਿ ਜੱਦ ਵੀ ਕੋਈ ਪਰਵਾਸੀ ਪੰਜਾਬੀ ਪੰਜਾਬ ਵਿੱਚ ਕੋਈ ਉਪਰਾਲਾ ਕਰੇਗਾ ਤਾਂ ਉਸ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਦੱਸਿਆ ਕਿ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਖੇਤਰ ਵਿਚ ਵਿਕਾਸ ਲਈ ਕਰੀਬ 150 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।
ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ ਪੀ, ਜ਼ਿਲਾ ਪ੍ਰਧਾਨ ਸੁਭਾਸ਼ ਸੂਦ, ਵਿਧਾਇਕ ਨਾਗਰਾ ਦੀ ਧਰਮਪਤਨੀ ਮੰਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਸ. ਭੁਪਿੰਦਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ, ਭੁਪਿੰਦਰ ਸਿੰਘ ਬਧੌਛੀ, ਗੁਰਮੁੱਖ ਸਿੰਘ ਪੰਡਰਾਲੀ, ਮੀਡੀਆ ਇੰਚਾਰਜ ਪਰਮਵੀਰ ਟਿਵਾਣਾ, ਵਾਰਡ ਦੇ ਕੌਂਸਲਰ ਵਿਸਾਖੀ ਰਾਮ ਸਮੇਤ ਸਮੂਹ ਕੌਂਸਲਰ, ਪੰਚ ਸਰਪੰਚ, ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।