ਸੁਤੰਤਰਤਾ ਸੰਗਰਾਮੀ ਪ੍ਰੇਮ ਬੱਲਵ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ
ਸੁਤੰਤਰਤਾ ਸੰਗਰਾਮੀ ਪ੍ਰੇਮ ਬੱਲਵ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ
ਪਰਦੀਪ ਕਸਬਾ ,ਸੰਗਰੂਰ, 14 ਫ਼ਰਵਰੀ 2022
ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਸ੍ਰੀ ਪ੍ਰੇਮ ਬੱਲਵ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉੱਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਅਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਹ ਕਰੀਬ 98 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ। ਇਸ ਮੌਕੇ ਸਮਾਜਿਕ ਜਥੇਬੰਦੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਨੇਹੀਆਂ ਤੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ੋਕ ਸਲਾਮੀ ਵੀ ਦਿੱਤੀ ਗਈ।
ਅੰਤਿਮ ਸਸਕਾਰ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ ਸੰਗਰੂਰ ਸ਼੍ਰੀ ਚਰਨਜੋਤ ਸਿੰਘ ਵਾਲੀਆ ਨੇ ਰੀਥ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੁੱਖ ਦੀ ਇਸ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਪਰਿਵਾਰ ਦੇ ਨਾਲ ਹੈ।
ਅੰਤਿਮ ਵਿਦਾਇਗੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿੱਚ ਜ਼ਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੇ ਵਾਰਸ, ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦੇ, ਸ਼ਹਿਰੀ ਪਤਵੰਤੇ ਵੀ ਹਾਜ਼ਰ ਸਨ।