ਸੋ ਫੀਸਦੀ ਵੈਕਸੀਨੇਸ਼ਨ ਮੁਕੰਮਲ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਖੁਦ ਨਿਗਰਾਨੀ
ਸੋ ਫੀਸਦੀ ਵੈਕਸੀਨੇਸ਼ਨ ਮੁਕੰਮਲ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਖੁਦ ਨਿਗਰਾਨੀ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 2 ਫਰਵਰੀ 2022
ਵੈਕਸੀਨੇਸ਼ਨ ਮੁਹਿੰਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਲੋਕਾਂ ਤੱਕ ਸੋ ਫੀਸਦੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਖੁਦ ਨਿਜੀ ਤੌਰ `ਤੇ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਵੱਲੋਂ ਖੁਦ ਪਿੰਡਾਂ ਵਿਚ ਜਾ ਜਾ ਕੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਵਿਚ ਸ਼ਿਰਕਤ ਕਰਦਿਆਂ ਲੋਕਾਂ ਨੂੰ ਵੈਕਸੀਨ ਲਗਵਾਉਣ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਬੀਤੀ ਦੇਰ ਰਾਤ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਧਾ ਵਿਖੇ ਜਾ ਕੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਪ੍ਰਤੀ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ੍ਹ ਦੇ ਸਾਰੇ ਪਿੰਡਾਂ ਵਿਚ ਦੇਰ ਰਾਤ ਤੱਕ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਲੋਕਾਂ ਨੂੰ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾਂ ਲਗਵਾਉਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕਰੋਨਾ ਦੇ ਪ੍ਰਭਾਵ ਨੂੰ ਖਤਮ ਕਰਨ ਲਈ ਵੈਕਸੀਨੇਸ਼ਨ ਇਕ ਢੁਕਵਾਂ ਹੱਲ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਰੋਨਾ ਦੇ ਨਵੇ ਵੇਰੀਅੰਟ ਆ ਰਹੇ ਹਨ ਉਸ ਨੂੰ ਵੇਖਦਿਆਂ ਹਰੇਕ ਕਿਸੇ ਯੋਗ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ ਹੈ।ਉਨ੍ਹਾਂ ਕਿਹਾ ਕਿ ਦੋਨੋ ਖੁਰਾਕਾਂ ਲਗਵਾਉਣ ਨਾਲ ਹੀ ਟੀਕਾਕਰਨ ਪੂਰਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੇ ਇਕ ਟੀਕਾ ਲਗਵਾਇਆ ਹੈ ਤਾਂ ਉਹ ਆਪਣਾ ਰਹਿੰਦਾ ਦੂਜਾ ਟੀਕਾ ਵੀ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਜੇ ਕੋਈ ਗਰਭਵਤੀ ਔਰਤ ਹੈ ਜਾਂ ਕੋਈ ਵਿਅਕਤੀ ਕਿਸੇ ਬਿਮਾਰੀ ਨਾਲ ਜੂਝ ਰਿਹਾ ਹੈ ਤਾਂ ਉਹ ਡਾਕਟਰੀ ਸਲਾਹ ਲੈ ਕੇ ਆਪਣੀ ਵੈਕਸੀਨੇਸ਼ਨ ਕਰਵਾਏ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰੇਕ ਯੋਗ ਵਿਅਕਤੀ ਆਪਣੀ ਵੈਕਸੀਨ ਲਗਵਾਏ ਤਾਂ ਜ਼ੋ ਕਰੋਨਾ ਦੇ ਖਤਰੇ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਤੋਂ ਪਹਿਲਾਂ ਪਹਿਲਾਂ ਹਰੇਕ ਵਿਅਕਤੀ ਆਪਣਾ ਟੀਕਾ ਜ਼ਰੂਰ ਲਗਵਾ ਲਵੇ।