ਸੰਸਦ ਮੈਂਬਰ ਅਤੇ ਵਿਧਾਇਕ ਨਾਗਰਾ ਜੀ ਵੱਲੋਂ ਸ਼ਹੀਦੀ ਸਭਾ ਦੌਰਾਨ ਦਿੱਤੇ ਸਹਿਯੋਗ ਲਈ ਸੰਗਤ ਦਾ ਧੰਨਵਾਦ
ਸੰਸਦ ਮੈਂਬਰ ਅਤੇ ਵਿਧਾਇਕ ਨਾਗਰਾ ਜੀ ਵੱਲੋਂ ਸ਼ਹੀਦੀ ਸਭਾ ਦੌਰਾਨ ਦਿੱਤੇ ਸਹਿਯੋਗ ਲਈ ਸੰਗਤ ਦਾ ਧੰਨਵਾਦ
- ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਕੀਤਾ ਸਤਿਕਾਰ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 27 ਦਸੰਬਰ 2021
ਸੰਸਦ ਮੈਂਬਰ ਡਾ ਅਮਰ ਸਿੰਘ ਅਤੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੰਤਿਮ ਦਿਨ ਸਜਾਏ ਗਏ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ। ਇਸ ਉਪਰੰਤ ਸੰਸਦ ਮੈਂਬਰ ਡਾ ਅਮਰ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਵੀ ਨਤਮਸਤਕ ਹੋਏ।
ਇਸ ਤੋਂ ਬਾਅਦ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸੰਸਦ ਮੈਬਰ ਡਾ ਅਮਰ ਸਿੰਘ ਅਤੇ ਵਿਧਾਇਕ ਨਾਗਰਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਜੁੜੀ ਸਲਾਨਾ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਈ ਸੰਗਤ ਵੱਲੋਂ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਸੰਗਤ ਵੱਲੋਂ ਇਸੇ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਂਦਾ ਰਹੇਗਾ।
ਇਸ ਮੌਕੇ ਸੰਸਦ ਮੈਂਬਰ ਡਾ ਅਮਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਤਤਕਾਲੀ ਜ਼ਾਲਮ ਹਕੂਮਤ ਦੇ ਜਬਰ-ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰ ਕੇ ਬਰਾਬਰੀ ਤੇ ਭਲਾਈ ਦਾ ਹੋਕਾ ਦਿੱਤਾ।
ਵਿਧਾਇਕ ਨਾਗਰਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਮਿਸਾਲ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗਰੀਬਾਂ ਅਤੇ ਮਜ਼ਲੂਮਾਂ ‘ਤੇ ਹੁੰਦੇ ਜ਼ੁਲਮ ਦੇ ਟਾਕਰੇ ਹਿਤ ਕੁਰਬਾਨੀਆਂ ਕੀਤੀਆਂ, ਇਸ ਲਈ ਸਾਨੂੰ ਵੀ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ‘ਤੇ ਚੱਲਣਾ ਚਾਹੀਦਾ ਹੈ।