ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ
* ਡਿਪਟੀ ਕਮਿਸ਼ਨਰ ਵੱਲੋਂ ‘ਰਣਯੋਧੇ-2021’ ਰਸਾਲਾ ਜਾਰੀ
ਪਰਦੀਪ ਕਸਬਾ,ਸੰਗਰੂਰ, 7 ਦਸੰਬਰ: 2021
ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ’ਤੇ ਬਹਾਦਰੀ ਨਾਲ ਲੜਨ ਵਾਲੇ ਸ਼ਹੀਦਾਂ ਦਾ ਸਨਮਾਨ ਕਰਨ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰਾਂ ਦੇ ਫਲੈਗ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ‘ਰਣਯੋਧੇ-2021’ ਰਸਾਲਾ ਵੀ ਜਾਰੀ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਨੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ 5 ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਜਿੰਦਰ ਬੱਤਰਾ ਵੱਲੋਂ ਮਾਲੀ ਸਹਾਇਤਾ ਲਈ ਚੈੱਕ ਵੰਡੇ ਗਏ। ਉਨਾਂ ਕਿਹਾ ਕਿ ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਫਲੈਗ ਡੇਅ ਫੰਡ ਪੇਟੀ ਵਿੱਚ ਦਾਨ ਪਾ ਕੇ ਦਾਨ ਇਕੱਤਰ ਕਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨਾਂ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਮਹੱਤਤਾ ਅਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸਾਬਕਾ ਸੈਨਿਕਾਂ ਤੇ ਉਨਾਂ ਦੀਆਂ ਵਿਧਵਾਵਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਕਰਮਚਾਰੀਆਂ ਨੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ ਦੇ ਫਲੈਗ ਲਗਾ ਕੇ ਦਾਨ ਰਾਸ਼ੀ ਇਕੱਤਰ ਕੀਤੀ।