ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਰਣਦੀਪ ਸਿੰਘ ਨਾਭਾ ਨੇ ਲਹਿਰਾਇਆ ਤਿਰੰਗਾ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਰਣਦੀਪ ਸਿੰਘ ਨਾਭਾ ਨੇ ਲਹਿਰਾਇਆ ਤਿਰੰਗਾ
-ਕਿਹਾ! ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ
ਦਵਿੰਦਰ ਡੀ.ਕੇ,ਲੁਧਿਆਣਾ, 26 ਜਨਵਰੀ 2022
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਨਾਭਾ ਨੇ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।
ਸਮਾਗਮ ਦੌਰਾਨ ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਵਿਧਾਇਕ ਤੇ ਚੇਅਰਮੈਨ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਸ੍ਰ.ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੰਜੇ ਤਲਵਾੜ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਗਲ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ.ਬਾਵਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਇਨਫੋਟੈਕ ਸ੍ਰੀ ਹਰਪ੍ਰੀਤ ਸੰਧੂ, ਪੀ.ਐਲ.ਆਈ.ਡੀ.ਬੀ. ਦੇ ਸੀਨੀਅਰ ਵਾਇਸ ਚੇਅਰਮੈਨ ਸ੍ਰੀ ਰਮੇਸ਼਼ ਜੋਸ਼ੀ, ਡੀ.ਜੀ.ਪੀ. ਸ੍ਰੀ ਡੀ.ਆਰ. ਭੱਟੀ (ਸੇਵਾ ਮੁਕਤ), ਡਿਪਟੀ ਮੇਅਰ ਸ੍ਰੀਮਤੀ ਜਰਨੈਲ ਕੌਰ ਸ਼ਿਮਲਾਪੁਰੀ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਡੀ.ਸੀ.ਪੀ. ਸ੍ਰੀ ਸਿਮਰਤਪਾਲ ਸਿੰਘ ਢਿੰਡਸਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ ਸ੍ਰੀ ਪ੍ਰਦੀਪ ਸਿੰਘ ਬੈਂਸ, ਏ.ਡੀ.ਸੀ.ਪੀ. ਮੈਡਮ ਅਸ਼ਵਨੀ ਗੋਟਿਆਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।