ਜ਼ਿਲ੍ਹੇ ‘ਚ 18 ਫਰਵਰੀ ਤੋਂ 20 ਫਰਵਰੀ ਤੱਕ ਡਰਾਈ ਡੇਅ ਘੋਸ਼ਿਤ
ਜ਼ਿਲ੍ਹੇ ‘ਚ 18 ਫਰਵਰੀ ਤੋਂ 20 ਫਰਵਰੀ ਤੱਕ ਡਰਾਈ ਡੇਅ ਘੋਸ਼ਿਤ
– ਹੋਟਲਾਂ, ਰੈਸਟੋਰੈਂਟਾਂ/ਢਾਬਿਆਂ ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਰਾਤ 11 ਵਜੇ ਤੋਂ ਬਾਅਦ ਖੋਲ੍ਹਣ ‘ਤੇ ਲਗਾਈ ਪਾਬੰਦੀ
ਦਵਿੰਦਰ ਡੀ.ਕੇ,ਲੁਧਿਆਣਾ, 15 ਫਰਵਰੀ 2022
20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੀ ਪੋਲਿੰਗ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਵੋਟਾਂ ਪੈਣ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲਾ ਦਿਨ ਵੀ ਡਰਾਈ ਡੇਅ ਵਜੋੋਂ ਐਲਾਨਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ ਅਤੇ ਹੋਰ ਸਥਾਨਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।
ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਲੁਧਿਆਣਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਰਾਤ ਸਮੇ ਕਾਫੀ ਦੇਰ ਤੱਕ ਹੋਟਲ, ਰੈਸਟੋਰੈਂਟ/ਢਾਬੇ, ਸ਼ਰਾਬ ਦੀਆ ਦੁਕਾਨਾ ਆਦਿ ਖੁਲੇ ਰਹਿੰਦੇ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋ ਗੈਰ ਕਾਨੂੰਨੀ ਧੰਦੇ ਕੀਤੇ ਜਾਦੇ ਹਨ, ਕਈ ਵਾਰੀ ਸ਼ਰਾਰਤੀ ਅਨਸਰਾਂ ਵਲੋੋ ਇਨ੍ਹਾਂ ਹੋਟਲਾਂ/ਢਾਬਿਆਂ, ਸ਼ਰਾਬ ਦੀਆ ਦੁਕਾਨਾ ਤੇ ਹੁਲੜਬਾਜੀ ਕੀਤੀ ਜਾਂਦੀ ਹੈ। ਜਿਸ ਨਾਲ ਆਮ ਜਨਤਾ ਵਿਚ ਡਰ ਦੀ ਭਾਵਨਾਂ ਪੈਦਾ ਹੁੰਦੀ ਹੈ ਅਤੇ ਅਮਨ ਕਾਨੂੰਨ ਵਿਵਸਥਾ ਨੂੰ ਵੀ ਠੇਸ ਪਹੁੰਚਦੀ ਹੈ। ਇਸ ਲਈ ਰਾਤ ਦੇ ਸਮੇ ਹੋਟਲ/ਢਾਬਿਆਂ ਅਤੇ ਸ਼ਰਾਬ ਦੀਆ ਦੁਕਾਨਾ ਤੇ ਅਜਿਹੀਆਂ ਗੈਰ ਕਾਨੂੰਨੀ ਘਟਨਾਵਾ ਨੂੰ ਰੋਕਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ ਉਪਰਾਲੇ ਕੀਤੇ ਜਾਣ ਦੀ ਲੋੜ ਹੈ।
ਜ਼ਿਲ੍ਹਾ ਲੁਧਿਆਣਾ ਵਿੱਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਹਿੱਤ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਹੋਟਲਾਂ, ਰੈਸਟੋਰੈਂਟਾਂ/ਡਿਸਟਲਰੀਆਂ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਰਾਤ 11 ਵਜੇ ਤੋਂ ਬਾਅਦ ਖੋਲ੍ਹਣ ਦੀ ਪਾਬੰਦੀ ਲਗਾਈ ਹੈ। ਇਹ ਹੁਕਮ 12 ਮਾਰਚ, 2022 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਨੂੰ ਪੂਰਨ ਤੌਰ ‘ਤੇ ਲਾਗੂ ਕਰਵਾਉਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ, ਲੁਧਿਆਣਾ (ਦਿਹਾਤੀ)/ਖੰਨਾ ਅਤੇ ਸਹਾਇਕ ਕਮਿਸ਼ਨਰ ਆਬਕਾਰੀ ਅਤੇ ਕਰ, ਲੁਧਿਆਣਾ ਦੀ ਜ਼ਿੰਮੇਵਾਰੀ ਹੋਵੇਗੀ।