ਘਰ-ਘਰ ਜਾ ਕੇ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
ਘਰ-ਘਰ ਜਾ ਕੇ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
– ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਲਗਵਾਉਣ ਲਈ ਸਮੂਹ ਅਧਿਕਾਰੀ ਰਲ ਮਿਲ ਕੇ ਲੋਕਾਂ ਨੂੰ ਕਰਨ ਜਾਗਰੂਕ
– ਵੱਧ ਤੋਂ ਵੱਧ ਵੈਕਸੀਨੇਸ਼ਨ ਬਣਾਈ ਜਾਵੇ ਯਕੀਨੀ
ਬਿੱਟੂ ਜਲਾਲਾਬਾਦੀ,ਫ਼ਤਹਿਗੜ੍ਹ ਸਾਹਿਬ, 29 ਜਨਵਰੀ:2022
ਅਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਸਮੂਹ ਅਧਿਕਾਰੀ ਰਲ ਮਿਲ ਕੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਤੇ ਵੱਧ ਤੋਂ ਵੱਧ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਮਹਾਂਮਾਰੀ ਨੂੰ ਠੱਲ ਪਾਈ ਜਾ ਸਕੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੈਕਟਰ ਅਫਸਰ ਤੇ ਬੀ.ਐਲ.ਓਜ਼ ਇਸ ਕੰਮ ਵਿੱਚ ਚੋਣ ਮਿੱਤਰ ਦੀ ਸਹਾਇਤਾ ਲੈਣ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ 100 ਫੀਸਦੀ ਵੈਕਸੀਨੈਸ਼ਨ ਕਰਨੀ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਨਾਲ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਵੱਧ ਚੜ੍ਹ ਕੇ ਇਸ ਵਿਚ ਕੰਮ ਕਰਨ ਤੇ ਨਾਲ ਹੀ ਕਾਰਜ ਸਾਧਕ ਅਫਸਰ ਸ਼ਹਿਰਾਂ ਵਿਚ ਵੱਧ ਤੋਂ ਵੱਧ ਵੈਕਸੀਨੇਸ਼ਨ ਲਈ ਕਦਮ ਚੁੱਕਣ।
ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਫੌਰੀ ਅਮਲ ਵਿੱਚ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਤਾਂ ਜੋ ਸ਼ਹਿਰਾਂ ਦੇ ਵਾਰਡਾਂ ਵਿੱਚ ਰਹਿੰਦੇ 100 ਫੀਸਦੀ ਨਾਗਰਿਕਾਂ ਦੇ ਵੈਕਸੀਨੇਸ਼ਨ ਲਗਾਈ ਜਾ ਸਕੇ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਦੇ ਕੰਮ ਵਿੱਚ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੰਚਾਂ ਸਰਪੰਚਾਂ ਨੂੰ ਨਾਲ ਲੈਕੇ ਕੰਮ ਕੀਤਾ ਜਾਵੇ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਵਰਗੀ ਘਾਤਕ ਮਹਾਂਮਾਰੀ ਤੋਂ ਬਚਾਅ ਲਈ ਜਿਥੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ਾਂ ਜਰੂਰੀ ਹਨ ਉਥੇ ਹੀ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਆਪਣਾ ਮੂੰਹ ਤੇ ਨੱਕ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਧੋਣੇ, ਸੋਸ਼ਲ ਡਿਸਟੈਂਸਿੰਗ ਯਕੀਨੀ ਬਣਾਉਣਾ ਅਤੇ ਬਿਨਾਂ ਕਿਸੇ ਜਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲਣਾ ਅਤੇ ਭੀੜ ਭੜੱਕੇ ਵਾਲੇ ਸਥਾਨਾਂ ’ਤੇ ਨਾ ਜਾਣ ਵਰਗੀਆਂ ਛੋਟੀਆਂ-ਛੋਟੀਆਂ ਸਾਵਧਾਨੀਆਂ ਦੀ ਵਰਤੋਂ ਨਾਲ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ।
ਇਸ ਲਈ ਸਮੂਹ ਨਾਗਰਿਕ ਇਹ ਵੈਕਸੀਨੇਸ਼ਨ ਜ਼ਰੂਰ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੈਂਪ ਲਗਾਉਣ ਤੋਂ ਇਲਾਵਾ ਜ਼ਿਲ੍ਹੇ ਦੇ ਸਿਹਤ ਤੇ ਵੈਲਨੈੱਸ ਸੈਂਟਰਾਂ ਵਿੱਚ ਵੀ ਵੈਕਸੀਨੇਸ਼ਨ ਮੁਫਤ ਲਗਾਈ ਜਾ ਰਹੀ ਹੈ। ਇਸ ਲਈ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌ਼ਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਦਿਆਲ ਸਿੰਘ ਚੱਠਾ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ.ਫ਼ਤਹਿਗੜ੍ਹ ਸਾਹਿਰ ਡਾ: ਹਿਮਾਂਸ਼ੂ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਅਮਲੋਹ ਜੀਵਨਜੋਤ ਕੌਰ ਅਤੇ ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕੌਰ ਕਾਲੇਕਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।