ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਨਿਯਮਾਂ ਅਨੁਸਾਰ ਕਾਰਵਾਈ
ਚੋਣ ਜਾਬਤੇ ਦੀ ਉਲੰਘਣਾ ਕਰਨ ’ਤੇ ਹੋਵੇਗੀ ਨਿਯਮਾਂ ਅਨੁਸਾਰ ਕਾਰਵਾਈ
- ਜਿ਼ਲ੍ਰੇ ਵਿੱਚ ਕੋਈ ਨਵਾਂ ਵਿਕਾਸ ਕਾਰਜ ਨਹੀਂ ਕੀਤਾ ਜਾ ਸਕਦਾ ਸ਼ੁਰੂ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 10 ਜਨਵਰੀ: 2022
ਵਿਧਾਨ ਸਭਾ 2022 ਦੀਆਂ ਚੋਣਾ ਦਾ ਐਲਾਨ ਹੁੰਦਿਆਂ ਹੀ ਜਿ਼ਲ੍ਹੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ ਇਸ ਲਈ ਸਮੂਹ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਆਦੇਸ਼ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਵਿਖੇ ਜਿ਼ਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾ ਮੁਤਾਬਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਤ ਰਿਪੋਰਟ ਤੁਰੰਤ ਮੁਹੱਈਆ ਕਰਵਾਈ ਜਾਵੇ।
ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਜਿ਼ਲ੍ਹੇ ਵਿੱਚ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਨਾ ਹੀ ਕਿਸੇ ਭਲਾਈ ਸਕੀਮ ਦਾ ਕੋਈ ਨਵਾਂ ਲਾਭਪਾਤਰੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਉਹ ਵਿਕਾਸ ਕਾਰਜ ਹੀ ਚਾਲੂ ਰੱਖੇ ਜਾ ਸਕਦੇ ਹਨ ਜਿਨ੍ਹਾਂ ਕਾਰਜਾਂ ਲਈ ਲੋੜੀਂਦਾ ਮਟੀਰੀਅਲ ਆ ਚੁੱਕਾ ਹੋਵੇ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਪੰਜਾਬ ਸਟੇਟ ਪਾਵਰ ਕਾਮ ਲਿਮ: ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖੰਭਿਆਂ, ਬਿਜਲੀ ਦੇ ਸਬ ਸਟੇਸ਼ਨਾਂ ਅਤੇ ਹੋਰ ਇਮਾਰਤਾਂ ਤੋਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਤਸਵੀਰਾਂ ਨੂੰ ਹਟਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਫਿਰ ਵੀ ਕੋਈ ਉਲੰਘਣਾ ਹੋਈ ਤਾਂ ਸਬੰਧਤ ਅਧਿਕਾਰੀ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਵੀ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾ ਸਬੰਧੀ ਸਿ਼ਕਾਇਤਾਂ ਦੇ ਨਿਪਟਾਰੇ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਸਿ਼ਕਾਇਤ ਨਿਵਾਰਣ ਸੈਲ ਸਥਾਪਤ ਕੀਤਾ ਗਿਆ ਹੈ ਜਿਥੇ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਸਕਣ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਦਿਆਲ ਸਿੰਘ ਚੱਠਾ, ਕਾਰਜ ਸਾਧਕ ਅਫਸਰ ਫ਼ਤਹਿਗੜ ਸਾਹਿਬ ਸ਼੍ਰੀ ਗੁਰਲਾਲ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਕੁਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।