ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਦੀ ਵੈਕਸੀਨ ਲਗਵਾਉਣ ਦੀ ਅਪੀਲ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਦੀ ਵੈਕਸੀਨ ਲਗਵਾਉਣ ਦੀ ਅਪੀਲ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 22 ਜਨਵਰੀ 2022
ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਹਰੇਕ ਯੋਗ ਨਾਗਰਿਕ ਆਪਣੇ ਕੋਵਿਡ ਦੀ ਵੈਕਸੀਨ ਦੀਆਂ ਦੋਨੋਂ ਖੁਰਾਕਾਂ ਦੇ ਟੀਕੇ ਜ਼ਰੂਰ ਲਗਵਾਵੇ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੀ ਬਿਮਾਰੀ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਤੋਂ ਸਮੂਹਿਕ ਤੌਰ ਤੇ ਇਸ ਬਿਮਾਰੀ ਨੂੰ ਰੋਕਣ ਲਈ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਅਜੇ ਵੈਕਸੀਨ ਨਹੀਂ ਲਗਵਾਈ ਉਹ ਤੁਰੰਤ ਆਪਣੀ ਪਹਿਲੀ ਡੋਜ਼ ਲਗਵਾਉਣ ਅਤੇ ਜਿਨ੍ਹਾਂ ਨੇ ਪਹਿਲੀ ਡੋਜ਼ ਲਗਵਾ ਲਈ ਹੈ ਉਹ ਦੂਜੀ ਡੋਜ਼ ਸਮੇਂ ਅਨੁਸਾਰ ਲਗਵਾਉਣ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਕੋਵਿਡ ਦਾ ਖ਼ਤਰਾ ਬਹੁਤ ਘਟ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਵੈਕਸੀਨ ਲਗਵਾਈ ਜਾ ਰਹੀ ਹੈ। ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਕੋਵਿਡ ਦੇ ਨਵੇਂ ਨਵੇਂ ਵੇਰੀਐਂਟ ਜਿਵੇਂ ਕਿ ਓਮੀਕਰੋਣ ਦਾ ਪਸਾਰ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਇਹ ਘਾਤਕ ਰੋਗ ਪਹਿਲੀਆਂ ਦੋ ਲਹਿਰਾਂ ਦੌਰਾਨ ਵੱਡੇ ਜਾਨੀ ਨੁਕਸਾਨ ਦਾ ਕਾਰਨ ਬਣਿਆ ਸੀ। ਇਸ ਲਈ ਜ਼ਰੂਰੀ ਹੈ ਕਿ ਇਸ ਰੋਗ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਹਰੇਕ ਯੋਗ ਨਾਗਰਿਕ ਵੈਕਸੀਨ ਲਗਵਾਏ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਵਿਚ ਅੱਜ 212 ਕੋਰੋਨਾ ਦੇ ਕੇਸ ਆਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ਵਿਚ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਸੇਵਾਵਾਂ ਲੈਣ ਵਿੱਚ ਮੁਸ਼ਕਲ ਆ ਸਕਦੀ ਹੈ ਇਸ ਲਈ ਜ਼ਰੂਰੀ ਹੈ ਕਿ ਸਾਰੇ ਛੇਤੀ ਵੈਕਸੀਨ ਲਗਵਾ ਲੈਣ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਭ ਨੂੰ ਮਾਸਕ ਲਗਾ ਕੇ ਰੱਖਣ ਅਤੇ ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਸਰਕਾਰ ਵੱਲੋਂ ਨਿਰਧਾਰਤ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖ਼ਿਲਾਫ਼ ਆਪਦਾ ਪ੍ਰਬੰਧਨ ਕਾਨੂੰਨ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।