ਵਿਧਾਇਕ ਨਾਗਰਾ ਵੱਲੋਂ ਪਿੰਡ ਲਟੌਰ ‘ਚ 80 ਲੋੜਵੰਦਾਂ ਨੂੰ ਵੰਡੇ ਗਏ 2-2 ਮਰਲੇ ਦੇ ਪਲਾਟ
ਵਿਧਾਇਕ ਨਾਗਰਾ ਵੱਲੋਂ ਪਿੰਡ ਲਟੌਰ ‘ਚ 80 ਲੋੜਵੰਦਾਂ ਨੂੰ ਵੰਡੇ ਗਏ 2-2 ਮਰਲੇ ਦੇ ਪਲਾਟ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 29 ਦਸੰਬਰ 2021
ਪੰਜਾਬ ਸਰਕਾਰ ਨੇ ਲੋਕਾਂ ਦੀ ਬਿਹਤਰੀ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਹੜੇ ਕਿ ਇਤਿਹਾਸਕ ਹਨ। ਇਹਨਾਂ ਤਹਿਤ ਹੀ ਲੋੜਵੰਦਾਂ ਦੀਆਂ ਰਿਹਾਇਸ਼ਾਂ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਲਟੌਰ ਵਿਖੇ 80 ਲੋੜਵੰਦਾਂ ਨੂੰ 02-02 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।
ਸ. ਨਾਗਰਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।