ਵੋਟਾਂ ਨੂੰ ਲੈ ਕੇ ਪੰਜਾਬ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ: ਡਾ. ਕਰਨਾ ਰਾਜੂ
ਵੋਟਾਂ ਨੂੰ ਲੈ ਕੇ ਪੰਜਾਬ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ: ਡਾ. ਕਰਨਾ ਰਾਜੂ
- ਮਾਤਾ ਗੁਜਰੀ ਸਕੂਲ ਵਿਖੇ ਚੋਣ ਅਮਲੇ ਦੀ ਟਰੇਨਿੰਗ ਦਾ ਲਿਆ ਜਾਇਜ਼ਾ
- ਸੂਬੇ ਵਿੱਚ ਅਰਧ ਸੈਨਿਕ ਬਲਾਂ ਦੀਆਂ 650 ਕੰਪਨੀਆਂ ਕੀਤੀਆਂ ਜਾ ਰਹੀਆਂ ਨੇ ਤਾਇਨਾਤ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 13 ਫਰਵਰੀ 2022
ਵਿਧਾਨ ਸਭਾ ਚੋਣਾਂ ਸਬੰਧੀ ਪੰਜਾਬ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਚੋਣ ਅਮਲਾ ਵੀ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰ ਰਿਹਾ ਹੈ।ਵੋਟ ਪਾਉਣ ਸਬੰਧੀ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਸਮੂਹ ਵੋਟਰ ਅੱਗੇ ਵੱਧ ਕੇ ਆਪਣੇ ਹੱਕ ਦੀ ਵਰਤੋਂ ਕਰਦਿਆਂ ਵੋਟ ਜ਼ਰੂਰ ਪਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਚੋਣ ਕਮਿਸ਼ਨਰ ਪੰਜਾਬ ਡਾ. ਐਸ. ਕਰਨਾ ਰਾਜੂ ਨੇ ਮਾਤਾ ਗੁਜਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਚੋਣ ਅਮਲੇ ਦੀ ਕਰਵਾਈ ਗਈ ਟਰੇਨਿੰਗ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਸ਼ੇਰ ਵਰਗੀ ਹਿੰਮਤ ਤੇ ਸਮਰਪਣ ਭਾਵਨਾ ਲਈ ਜਾਣਿਆ ਜਾਂਦਾ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ 100 ਫੀਸਦ ਵੋਟਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪੰਜਾਬੀ ਅਜਿਹੀ ਭਾਵਨਾ ਦਾ ਪ੍ਰਗਟਾਵਾ ਕਰਨਗੇ।
ਡਾ. ਰਾਜੂ ਨੇ ਕਿਹਾ ਕਿ ਵੋਟਾਂ ਸਬੰਧੀ ਢੁੱਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਲਈ 650 ਕੰਪਨੀਆਂ ਅਰਧ ਸੈਨਿਕ ਬਲਾਂ ਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕਰੀਬ 330 ਤੋਂ ਵੱਧ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਮੁੱਖ ਚੋਣ ਕਮਿਸ਼ਨਰ, ਪੰਜਾਬ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਅਮਲੇ ਦੀ ਟਰੇਨਿੰਗ ਦਾ ਜਾਇਜ਼ਾ ਲਿਆ ਹੈ, ਜਿਸ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਤੇ ਚੋਣ ਅਮਲਾ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰ ਰਿਹਾ ਹੈ।
ਕਰੋਨਾ ਦੇ ਮੱਦੇਨਜ਼ਰ ਕਰੋਨਾ ਤੋਂ ਬਚਾਅ ਸਬੰਧੀ ਪੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਪੋਲਿੰਗ ਬੂਥਾਂ ਉਤੇ ਦੋ ਗਜ਼ ਦੀ ਦੂਰੀ, ਸੈਨੇਟਾਈਜ਼ਰ ਅਤੇ ਮਾਸਕ ਆਦਿ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 100 ਫੀਸਦ ਵੋਟਿੰਗ ਦੇ ਟੀਚੇ ਨੂੰ ਯਕੀਨੀ ਬਨਾਉਣ ਵਿੱਚ ਯੋਗਦਾਨ ਪਾਉਣ ਅਤੇ ਆਪਣੇ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।