ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਕਰਦੀ ਜ਼ਿਲਾ ਪੱਧਰੀ ‘ਦਸਤਖ਼ਤ ਮੁਹਿੰਮ’ ਦਾ ਆਗਾਜ਼
ਵੋਟ ਦੇ ਹੱਕ ਦੀ ਵਰਤੋਂ ਲਈ ਪ੍ਰੇਰਿਤ ਕਰਦੀ ਜ਼ਿਲਾ ਪੱਧਰੀ ‘ਦਸਤਖ਼ਤ ਮੁਹਿੰਮ’ ਦਾ ਆਗਾਜ਼
- ਜ਼ਿਲਾ ਚੋਣ ਅਫ਼ਸਰ ਰਾਮਵੀਰ ਨੇ ਪਹਿਲਾ ਦਸਤਖ਼ਤ ਕਰਕੇ ਕੀਤੀ ਸ਼ੁਰੂਆਤ
- ਵੱਧ ਤੋਂ ਵੱਧ ਨਾਗਰਿਕਾਂ ਨੂੰ ਵੋਟਾਂ ਦੇ ਮਹੱਤਵਪੂਰਨ ਤਿਓਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦਾ ਸੱਦਾ
ਪਰਦੀਪ ਕਸਬਾ ,ਸੰਗਰੂਰ, 11 ਫਰਵਰੀ 2022
ਜ਼ਿਲਾ ਸੰਗਰੂਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਆਉਂਦੀ 20 ਫਰਵਰੀ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਤੌਰ ’ਤੇ ਕਰਨ ਲਈ ਪੇ੍ਰਰਿਤ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਵੱਲੋਂ ਜ਼ਿਲਾ ਚੋਣ ਦਫ਼ਤਰ ਸੰਗਰੂਰ ਵਿਖੇ ਇੱਕ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸ਼੍ਰੀ ਰਾਮਵੀਰ ਨੇ ਖੁਦ ਪਹਿਲਾ ਦਸਤਖ਼ਤ ਕਰਕੇ ਇਸ ਮੁਹਿੰਮ ਨੂੰ ਆਰੰਭਿਆ ਅਤੇ ਦੱਸਿਆ ਕਿ ਜ਼ਿਲੇ ਦੇ ਹਰੇਕ ਬਾਲਗ ਨਾਗਰਿਕ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਲੋਕਤੰਤਰ ਵਿੱਚ ਪੂਰਾ ਵਿਸ਼ਵਾਸ਼ ਰੱਖਦੇ ਹੋਏ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰੇ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਥੇ ਹਰ ਹਲਕੇ ਵਿੱਚ ਚੋਣਾਂ ਦੇ ਸਮੁੱਚੇ ਅਮਲ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਪ੍ਰਗਤੀ ਅਧੀਨ ਹਨ ਉਥੇ ਹੀ ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਵੀ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ ਜਿਸ ਦੇ ਇੱਕ ਅਹਿਮ ਹਿੱਸੇ ਵਜੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਏ ਗਏ ‘ਵੋਟਰ ਪ੍ਰਣ’ ਵਿੱਚ ਦਸਤਖਤ ਕਰਨ ਵਾਲਾ ਹਰੇਕ ਨਾਗਰਿਕ ਇਹ ਮਾਣ ਮਹਿਸੂਸ ਕਰਦਾ ਹੈ ਕਿ ਉਹ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰਖਦਿਆਂ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰੇਗਾ।ਉਨਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਅਤੇ ਵਿਭਾਗੀ ਪੱਧਰ ’ਤੇ ਅਜਿਹੇ ਬੋਰਡਾਂ ’ਤੇ ਵੋਟਰ ਪ੍ਰਣ ਲਗਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਨਾਗਰਿਕ ਵੋਟਾਂ ਦੇ ਮਹੱਤਵਪੂਰਨ ਤਿਓਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਸਕਣ।
ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ ਸ਼ੀ੍ਰ ਅਨਮੋਲ ਸਿੰਘ ਧਾਲੀਵਾਲ, ਜ਼ਿਲਾ ਨੋਡਲ ਅਫ਼ਸਰ ਸਵੀਪ ਸ਼੍ਰੀ ਲਤੀਫ਼ ਅਹਿਮਦ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਦਸਤਖ਼ਤ ਕੀਤੇ।