ਸਰਤਾਜ ਸਿੰਘ ਚਾਹਲ ਨੇ ਸੰਭਾਲਿਆ ਜ਼ਿਲ੍ਹਾ ਪੁਲੀਸ ਮੁਖੀ ਦਾ ਅਹੁਦਾ
ਸਰਤਾਜ ਸਿੰਘ ਚਾਹਲ ਨੇ ਸੰਭਾਲਿਆ ਜ਼ਿਲ੍ਹਾ ਪੁਲੀਸ ਮੁਖੀ ਦਾ ਅਹੁਦਾ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 19 ਜਨਵਰੀ 2022
ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ. ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਉਤੇ ਬਤੌਰ ਜ਼ਿਲ੍ਹਾ ਪੁਲੀਸ ਮੁਖੀ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ, ਜਿਸ ਨੂੰ ਉਹ ਤਨਦੇਹੀ ਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ। ਖਾਸਕਰ ਚੋਣਾਂ ਦੇ ਮੱਦੇਨਜ਼ਰ ਕਿਸੇ ਨਾਗਰਿਕ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਚੋਣਾਂ ਦੌਰਾਨ ਪੁਰ ਅਮਨ ਤੇ ਸੁਖਾਵਾਂ ਮਾਹੌਲ ਕਾਇਮ ਰੱਖਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਨੂੰ ਬਿਹਤਰ ਬਨਾਉਣ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਿਸੇ ਵੀ ਤਰ੍ਹਾਂ ਤੇ ਮਾੜੇ ਕੰਮ ਜਾਂ ਅਨਸਰ ਦੀ ਸੂਚਨਾ ਫੌਰੀ ਪੁਲੀਸ ਨੂੰ ਦੇਣ ਤਾਂ ਜੋ ਮਾੜੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲੀ ਕੀਤੀ ਕਿ ਵੋਟਾਂ ਵਾਲੇ ਦਿਨ ਆਪਣੀ ਵੋਟ ਜ਼ਰੂਰ ਪਾਉਣ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ 2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ ਤੇ ਇਸ ਤੋਂ ਪਹਿਲਾਂ ਉਹ ਏ.ਆਈ.ਜੀ. ਐਸ ਬੀ ਇੰਟੈਲੀਜੈਂਸ, ਐਸ.ਪੀ. (ਪੀ.ਬੀ.ਆਈ.) ਮੋਹਾਲੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਐਸ.ਪੀ. (ਐਚ) ਅਲਮ ਵਿਜੈ ਸਿੰਘ, ਐਸ.ਪੀ. (ਡੀ) ਰਾਜਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।