Skip to content
Advertisement
ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ
ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ : ਪੂਨਮਦੀਪ ਕੌਰ
– ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੌਤੀ ਸਰੂਪ ਤੱਕ ਸੜਕ ਦੇ ਆਲੇ ਦੁਆਲੇ ਨਹੀਂ ਲੱਗਣਗੀਆਂ ਆਰਜ਼ੀ ਦੁਕਾਨਾਂ
– ਨਿਰਵਿਘਨ ਆਵਾਜਾਈ ਲਈ ਬਣਾਏ ਜਾਣਗੇ ਪਾਰਕਿੰਗ ਸਥਾਨ
– ਡਿਪਟੀ ਕਮਿਸ਼ਨਰ ਨੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 26 ਨਵੰਬਰ:2021
ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੱਕ ਸ਼ਹੀਦੀ ਸਭਾ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹੀਦੀ ਸਭਾ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰਕੇ ਉਨ੍ਹਾਂ ਨੂੰ ਮੁਕੰਮਲ ਕੀਤਾ ਜਾਵੇ ਅਤੇ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਇਸ ਮਹਾਨ ਧਰਤੀ ’ਤੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਇਸ ਲਈ ਸਾਡੀ ਇਹ ਮੁਢਲਾ ਫਰਜ਼ ਬਣਦਾ ਹੈ ਕਿ ਅਸੀਂ ਇਸ ਧਰਤੀ ’ਤੇ ਹਰੇਕ ਸਾਲ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸ਼ਹੂਲਤ ਲਈ ਆਵਾਜਾਈ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਹੀਦੀ ਸਭਾ ਦੌਰਾਨ ਆਵਾਜਾਈ ਨੂੰ ਨਿਰਵਿਘਨ ਚਲਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ । ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸੂਚਨਾਂ ਕੇਂਦਰ ਸਥਾਪਤ ਕੀਤੇ ਜਾਣਗੇ ਤਾਂ ਜੋ ਸੰਗਤਾਂ ਲੋੜ ਪੈਣ ’ਤੇ ਇਨ੍ਹਾਂ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਜੋਤੀ ਸਰੂਪ ਸਾਹਿਬ ਤੱਕ ਦੇ ਪ੍ਰਮੁੱਖ ਸਥਾਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਕੋਰੋਨਾ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਪੀ. (ਐਚ) ਸ਼੍ਰੀ ਆਲਮ ਵਿਜੈ ਸਿੰਘ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ, ਤਹਿਸੀਲਦਾਰ ਸ਼੍ਰੀ ਗੁਰਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
Advertisement
Advertisement
error: Content is protected !!