12 ਮਾਰਚ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ
12 ਮਾਰਚ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 9 ਫਰਵਰੀ 2022
ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਸਚਿਨ ਸ਼ਰਮਾ ਵੱਲੋਂ ਸੀ ਜੇ ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਉਨ੍ਹਾਂ ਵਿਭਾਗਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਕੇਸ ਹਾਜ਼ਰ ਕਰਨ ਲਈ ਕਿਹਾ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ. ਸਚਿਨ ਸ਼ਰਮਾ ਨੇ ਦੱਸਿਆ ਕਿ ਮਿਤੀ 12 ਮਾਰਚ 2022 ਨੂੰ ਜ਼ਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਕੇਸ ਵੀ ਇਸ ਲੋਕ ਅਦਾਲਤ ਨਿਪਟਾਏ ਜਾਣਗੇ। ਇਸ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵਿਨਿਊ ਕੇਸ, ਚੈੱਕ ਬਾਊਂਸ ਆਦਿ ਕੇਸਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਂਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ।
ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸੰਬਧਤ ਅਦਾਲਤ ਦੇ ਜੱਜ ਸਾਹਿਬਾਨ ਅਤੇ ਜਿਹੜੇ ਝਗੜੇ ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ, ਸਬੰਧੀ ਦਰਖਾਸਤ ਸਾਦੇ ਕਾਗਜ ਤੇ ਲਿਖ ਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਇਸ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਇਸ ਨਾਲ ਧਿਰਾਂ ਨੂੰ ਮੁਕੱਦਮੇਬਾਜ਼ੀ ਤੋਂ ਮੁਕਤੀ ਮਿਲਦੀ ਹੈ। ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾ ਕੇ ਆਪਣਾ ਸਮਾਂ ਅਤੇ ਧਨ ਬਚਾਓ। ਇਸ ਦੌਰਾਨ ਉਨ੍ਹਾਂ ਨੇ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ।