PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਮਾਲਵਾ ਰਾਜਸੀ ਹਲਚਲ ਲੁਧਿਆਣਾ

18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਵਰਿੰਦਰ ਕੁਮਾਰ ਸ਼ਰਮਾ

Advertisement
Spread Information

18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਵਰਿੰਦਰ ਕੁਮਾਰ ਸ਼ਰਮਾ


ਦਵਿੰਦਰ ਡੀ.ਕੇ,ਲੁਧਿਆਣਾ, 17 ਫਰਵਰੀ 2022

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ (18 ਫਰਵਰੀ, 2022) ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੱਲੋਂ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ‘ਤੇ ਪੂਰਨ ਪਾਬੰਦੀ ਹੈ ਅਤੇ ਭਲਕੇ ਸ਼ਾਮ 6 ਵਜੇ ਤੋਂ ਪਹਿਲਾਂ ਸਾਰੇ ਵਿਅਕਤੀ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁਲਿਸ ਮੁਲਾਜ਼ਮ, ਰਿਟਰਨਿੰਗ ਅਫ਼ਸਰ ਜਾਂ ਫਲਾਇੰਗ ਸਕੁਐਡ ਉਨ੍ਹਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਉਸ ਵਿਸ਼ੇਸ਼ ਹਲਕੇ ਦੇ ਵਸਨੀਕ ਹਨ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਯਾਤਰਾ ਯੋਜਨਾ ਇਸ ਤਰ੍ਹਾਂ ਤਿਆਰ ਕਰਨ ਕਿ ਉਹ ਭਲਕੇ ਸ਼ਾਮ 6 ਵਜੇ ਤੋਂ ਪਹਿਲਾਂ ਦੂਜੇ ਹਲਕਿਆਂ ਨੂੰ ਛੱਡ ਦੇਣ ਅਤੇ ਇਸ ਸਬੰਧੀ ਕੋਈ ਵੀ ਬਹਾਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਤੋਂ ਵੀ ਗੁਰੇਜ਼ ਨਹੀਂ ਕਰੇਗਾ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕੋਈ ਵਿਅਕਤੀ ਧੱਕਾ ਕਰਕੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਲੋੜੀਂਦੀ ਕਾਨੂੰਨੀ ਕਾਰਵਾਈ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੁਲਿਸ, ਰਿਟਰਨਿੰਗ ਅਫ਼ਸਰਾਂ ਅਤੇ ਫਲਾਇੰਗ ਸਕੁਐਡ ਵੱਲੋਂ ਸਾਂਝੇ ਤੌਰ ‘ਤੇ ਸਾਰੇ ਹੋਟਲਾਂ/ਲੌਜ/ਗੈਸਟ ਹਾਊਸ/ਮੈਰਿਜ ਪੈਲੇਸਾਂ/ਰੈਸਟੋਰੈਂਟਾਂ ਆਦਿ ਦੀ ਮੁਕੰਮਲ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉੱਥੇ ਕੋਈ ਬਾਹਰੀ ਵਿਅਕਤੀ ਨਾ ਠਹਿਰਿਆ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਮਹਿਮਾਨਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਜੇਕਰ ਸਬੰਧਤ ਹਲਕੇ ਦੇ ਵਸਨੀਕ ਨਹੀਂ ਹਨ ਤਾਂ ਉਨ੍ਹਾਂ ਨੂੰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਪੋਲਿੰਗ ਪੂਰੀ ਹੋਣ ਤੱਕ ਦੂਸਰੇ ਹਲਕ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਰਿਟਰਨਿੰਗ ਅਫਸਰਾਂ/ਪੁਲਿਸ ਅਧਿਕਾਰੀਆਂ/ਫਲਾਇੰਗ ਸਕੁਐਡ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਹਲਕਿਆਂ ਵਿੱਚ ਬਾਹਰਲੇ ਵਿਅਕਤੀਆਂ ਰਹਿੰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ਼ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਿਆਸੀ ਵਰਕਰਾਂ, ਪਾਰਟੀ ਵਰਕਰਾਂ, ਜਲੂਸ ਕੱਢਣ ਵਾਲੇ ਕਾਰਕੁਨਾਂ ਅਤੇ ਚੋਣ ਪ੍ਰਚਾਰ ਕਰਨ ਵਾਲਿਆਂ ਦੀ ਮੌਜੂਦਗੀ ਨੂੰ ਸੀਮਤ ਕਰਨਾ ਹੈ, ਜਿਨ੍ਹਾਂ ਨੂੰ ਚੋਣ ਪ੍ਰਚਾਰ ਲਈ ਵਿਧਾਨ ਸਭਾ ਹਲਕੇ ਤੋਂ ਬਾਹਰੋਂ ਲਿਆਂਦਾ ਗਿਆ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪਾਬੰਦ ਹੈ ਕਿ ਸਾਰੇ ਵਰਕਰ, ਜੋ ਕਿ ਵੋਟਰ ਨਹੀਂ ਹਨ, ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਵਿਧਾਨ ਸਭਾ ਹਲਕਾ ਛੱਡਣ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪਹਿਲਾਂ ਹੀ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਤੱਕ ਵੋਟਾਂ ਦੀ ਸਮਾਪਤੀ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜ਼ੇ ਤੋਂ 20 ਫਰਵਰੀ ਤੱਕ ਡਰਾਈ ਡੇਅ ਰਹੇਗਾ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰ ਥਾਵਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਵੋਟਾਂ ਅਤੇ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 60 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਤਿੰਨ ਵਿਧਾਨ ਸਭਾ ਹਲਕਿਆਂ ਲੁਧਿਆਣਾ (ਦੱਖਣੀ), ਆਤਮ ਨਗਰ ਅਤੇ ਲੁਧਿਆਣਾ (ਕੇਂਦਰੀ) ਵਿੱਚ 100 ਫੀਸਦੀ ਪੋਲਿੰਗ ਬੂਥਾਂ ‘ਤੇ ਕੇਂਦਰੀ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ, ਜਦਕਿ ਗਿੱਲ ਹਲਕੇ ਦੇ ਕੁਝ ਹਿੱਸਿਆਂ ਵਿੱਚ ਸਖ਼ਤ ਚੌਕਸੀ ਰੱਖੀ ਜਾਵੇਗੀ, ਜਿੱਥੇ ਕੁਝ ਦਿਨ ਪਹਿਲਾਂ ਇੱਕ ਅਣਸੁਖਾਵੀਂ ਘਟਨਾ ਵਾਪਰੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਬਾਕੀ ਹਲਕਿਆਂ ਵਿੱਚ ਕੇਂਦਰੀ ਅਰਧ ਸੈਨਿਕ ਬਲ, ਹਰੇਕ ਹਲਕੇ ਵਿੱਚ 5 ਕੁਇੱਕ ਰੀਐਕਸ਼ਨ ਟੀਮਾਂ ਅਤੇ ਹੋਰ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਨੀਮ ਫੌਜੀ ਬਲਾਂ ਦੇ ਸੀਨੀਅਰ ਕਮਾਂਡੈਂਟ ਪੱਧਰ ਦੇ ਅਧਿਕਾਰੀ, ਡੀ.ਸੀ.ਪੀ. ਪੱਧਰ, ਏ.ਡੀ.ਸੀ.ਪੀ/ਐਸ.ਪੀ. ਪੱਧਰ, ਏ.ਸੀ.ਪੀ/ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਕਰਨਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 235 ਸੈਕਟਰ ਅਫ਼ਸਰ/ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਨਾਲ ਪੁਲਿਸ ਮੁਲਾਜ਼ਮ ਅਤੇ ਵੀਡੀਓਗ੍ਰਾਫਰ ਵੀ ਹੋਣਗੇ। ਇਹ ਟੀਮਾਂ ਆਪੋ-ਆਪਣੇ ਪੋਲਿੰਗ ਬੂਥਾਂ ‘ਤੇ ਗਸ਼ਤ ਕਰਦੀਆਂ ਰਹਿਣਗੀਆਂ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਖੁੱਲ ਕੇ ਵੋਟ ਪਾਉਣ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਚੀਜ਼ ਆਦਿ ਵੰਡ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!