18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਸ਼੍ਰੀਮਤੀ ਪੂਨਮਦੀਪ ਕੌਰ
18 ਫਰਵਰੀ ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ – ਸ਼੍ਰੀਮਤੀ ਪੂਨਮਦੀਪ ਕੌਰ
– ਜ਼ਿਲ੍ਹੇ ਦੇ ਕਿਸੇ ਵੀ ਹਲਕੇ ‘ਚ ਬਾਹਰੀ ਵਿਅਕਤੀ ਦੇ ਠਹਿਰਣ ‘ਤੇ ਵੀ ਹੈ ਮਨਾਹੀ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 17 ਫਰਵਰੀ 2022
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਤਹਿਗੜ ਸਾਹਿਬ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ (18 ਫਰਵਰੀ, 2022) ਸ਼ਾਮ 6 ਵਜੇ ਤੋਂ ਹਰ ਤਰ੍ਹਾਂ ਦੇ ਚੋਣ ਪ੍ਰਚਾਰ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੱਲੋਂ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਲਾ ਫਤਿਹਗੜ੍ਹ ਸਾਹਿਬ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ,ਨਾਅਰੇ ਲਗਾਉਣ,ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ ਤੇ ਮਨਾਹੀ ਹੈ। ਇਨ੍ਹਾਂ ਹੁਕਮਾਂ ਦੇ ਲਾਗੂ ਹੋਣ ਨਾਲ ਚੋਣਾ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਅਖੀਰਲੇ 48 ਘੰਟਿਆਂ ਦੋਰਾਨ ਘਰ-ਘਰ ਜਾ ਕੇ ਵੋਟ ਪ੍ਰਚਾਰ ਕਰਨ ਤੇ ਕੋਈ ਮਨਾਹੀ ਨਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ‘ਤੇ ਪੂਰਨ ਪਾਬੰਦੀ ਹੈ ਅਤੇ ਭਲਕੇ ਸ਼ਾਮ 6 ਵਜੇ ਤੋਂ ਪਹਿਲਾਂ ਸਾਰੇ ਵਿਅਕਤੀ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹਲਕੇ ਤੋਂ ਬਾਹਰੋਂ ਆਏ ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਮਿਤੀ 18.2.2022 ਨੂੰ ਸ਼ਾਮ 6 ਵਜੇ ਤੋਂ ਪਹਿਲਾਂ-2 ਵਾਪਸ ਜਾਣ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਵੱਲੋਂ ਪਹਿਲਾਂ ਹੀ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਤੱਕ ਵੋਟਾਂ ਦੀ ਸਮਾਪਤੀ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜ਼ੇ ਤੋਂ 20 ਫਰਵਰੀ ਤੱਕ ਡਰਾਈ ਡੇਅ ਰਹੇਗਾ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰ ਥਾਵਾਂ ‘ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਵੋਟਾਂ ਅਤੇ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।