PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਰਾਜਸੀ ਹਲਚਲ

ਮਜ਼ਦੂਰ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਪਹਿਲਾਂ ਹੀ ਤਹਿਸ਼ੁਦਾ ਮੀਟਿੰਗ ਕਰਨ ਦੀ ਮੰਗ

Advertisement
Spread Information

ਮਜ਼ਦੂਰ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੋਂ ਪਹਿਲਾਂ ਹੀ ਤਹਿਸ਼ੁਦਾ ਮੀਟਿੰਗ ਕਰਨ ਦੀ ਮੰਗ


ਪਰਦੀਪ ਕਸਬਾ , ਚੰਡੀਗੜ੍ਹ 21 ਸਤੰਬਰ 2021

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀਆਂ ਜਥੇਬੰਦੀਆਂ ਵੱਲੋਂ 13 ਸਤੰਬਰ ਨੂੰ ਉਸ ਸਮੇਂ ਦੇ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਘਿਰਾਓ ਸਮੇਂ ਜੁੜੇ ਹਜ਼ਾਰਾਂ ਮਜ਼ਦੂਰ ਮਰਦ ਔਰਤਾਂ ਦੇ ਇਕੱਠ ‘ਚ ਉੱਚ ਅਧਿਕਾਰੀਆਂ ਵੱਲੋਂ ਮਜ਼ਦੂਰ ਮੰਗਾਂ ਦੇ ਹੱਲ ਸਬੰਧੀ 23 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਤਹਿ ਕਰਵਾਈ ਮੀਟਿੰਗ ਨੂੰ ਯਕੀਨੀ ਬਣਾਇਆ ਜਾਵੇ।

ਸਾਂਝੇ ਮਜ਼ਦੂਰ ਮੋਰਚੇ ਦੀ ਤਰਫੋਂ ਬਿਆਨ ਜ਼ਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸਕੱਤਰ ਬਲਦੇਵ ਸਿੰਘ ਨੂਰਪੁਰੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸੋ਼ਰ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਆਖਿਆ ਕਿ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਅਤੇ ਬਿਜਲੀ ਬਿੱਲ ਤੇ ਬਕਾਏ ਮੁਆਫ਼ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਮਜ਼ਦੂਰਾਂ ਦੇ ਰੁਜ਼ਗਾਰ ਦੀ ਗਰੰਟੀ ਕਰਨ,ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣਾ ਯਕੀਨੀ

ਬਣਾਉਣ ਅਤੇ ਦਲਿਤਾਂ ‘ਤੇ ਜ਼ਬਰ ਬੰਦ ਕਰਨ ਆਦਿ ਭਖ਼ਦੀਆਂ ਮੰਗਾਂ ਨੂੰ ਦੇ ਨਿਪਟਾਰੇ ਲਈ ਮੁੱਖ ਮੰਤਰੀ ਸ੍ਰੀ ਚੰਨੀ ਨੂੰ ਪਹਿਲਾਂ ਤੋਂ ਤਹਿ ਸ਼ੁਦਾ ਮੀਟਿੰਗ ਖੁਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ‘ਤੇ ਅਧਾਰਿਤ ਸੱਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਲੰਮੇ ਸਮੇਂ ਤੋਂ ਮਜ਼ਦੂਰਾਂ ਦੀਆਂ ਭਖ਼ਦੀਆਂ ਤੇ ਅਹਿਮ ਮੰਗਾਂ ਨੂੰ ਲੈਕੇ ਪੰਜਾਬ ਭਰ ‘ਚ ਸੰਘਰਸ਼ ਵਿੱਢਿਆ ਹੋਇਆ ਹੈ।

ਇਸੇ ਸੰਘਰਸ਼ ਦੀ ਕੜੀ ਤਹਿਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ 13 ਸਤੰਬਰ ਨੂੰ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਹਜ਼ਾਰਾਂ ਮਜ਼ਦੂਰ ਮਰਦ ਔਰਤਾਂ ਪਟਿਆਲਾ ਪਹੁੰਚੇ ਸਨ। ਉਸ ਸਮੇਂ ਪਟਿਆਲਾ ਰੇਂਜ ਦੇ ਡੀ ਆਈ ਜੀ ਗੁਰਪ੍ਰੀਤ ਸਿੰਘ ਤੂਰ ਦੇ ਦਖ਼ਲ ਉਪਰੰਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ ਮਜ਼ਦੂਰ ਜਥੇਬੰਦੀਆਂ ਦੇ ਸੂਬਾਈ ਆਗੂਆਂ ਗੁਲਜ਼ਾਰ ਗੌਰੀਆ, ਪ੍ਰਗਟ ਸਿੰਘ ਕਾਲਾਝਾੜ, ਦਰਸ਼ਨ ਨਾਹਰ ,

ਭਗਵੰਤ ਸਿੰਘ ਸਮਾਓ, ਸੰਜੀਵ ਮਿੰਟੂ, ਲਛਮਣ ਸਿੰਘ ਸੇਵੇਵਾਲਾ ਤੇ ਕਸ਼ਮੀਰ ਸਿੰਘ ਘੁੱਗਸੋ਼ਰ ਦੇ ਵਫਦ ਨਾਲ਼ ਕਈ ਗੇੜਾਂ ਦੀ ਗੱਲਬਾਤ ਤੋਂ ਬਾਅਦ ਮਜ਼ਦੂਰ ਮਸਲਿਆਂ ਦੇ ਹੱਲ ਲਈ ਉਸ ਸਮੇਂ ਦੇ ਮੁੱਖ ਮੰਤਰੀ ਦੀ ਤਰਫੋਂ ਉਹਨਾਂ ਦੇ ਪ੍ਰਿੰਸੀਪਲ ਸਕੱਤਰ ਐਮ ਪੀ ਸਿੰਘ ਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ਼ ਸਿੰਘ ਨਾਲ਼ 23 ਸਤੰਬਰ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ 12 ਵਜੇ ਮੀਟਿੰਗ ਕਰਾਉਣ ਅਤੇ ਪਹਿਲਾਂ ਹੋਏ ਫੈਸਲੇ ਅਨੁਸਾਰ ਮਜ਼ਦੂਰਾਂ ਦੇ ਪੁੱਟੇ ਹੋਏ ਬਿਜਲੀ ਮੀਟਰ ਬਕਾਏ ਦੀ ਰਕਮ ਪਾਸੇ ਰੱਖਕੇ ਜੋੜਨ ਤੇ ਮਜ਼ਦੂਰਾਂ ਦੇ ਕੱਟੇ ਪਲਾਟਾਂ ਦਾ ਕਬਜ਼ਾ ਇੱਕ ਮਹੀਨੇ ‘ਚ ਦੇਣ ਸਬੰਧੀ ਵਿਭਾਗੀ ਪੱਤਰ ਮਜ਼ਦੂਰ ਇਕੱਠ ‘ਚ ਆਕੇ ਉੱਚ ਅਧਿਕਾਰੀਆਂ ਵੱਲੋਂ ਸੌਂਪੇ ਗਏ ਸਨ।

ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰ ਮਸਲਿਆਂ ਦੇ ਹੱਲ ਲਈ ਮੌਜੂਦਾ ਮੁੱਖ ਮੰਤਰੀ ਨੂੰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ਼ 23 ਸਤੰਬਰ ਨੂੰ ਖੁਦ ਮੀਟਿੰਗ ਕਰਕੇ ਮਜ਼ਦੂਰ ਮਸਲੇ ਹੱਲ ਕਰਨੇ ਚਾਹੀਦੇ ਜਿਹਨਾਂ ਬਾਰੇ ਕਾਂਗਰਸ ਵੱਲੋਂ ਚੋਣਾਂ ਸਮੇਂ ਮੈਨੀਫੈਸਟੋ ਵਿੱਚ ਵੀ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ।


Spread Information
Advertisement
Advertisement
error: Content is protected !!