PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੱਜਰੀ ਖ਼ਬਰ ਸ਼ਰਧਾ ਭਾਵਨਾ ਪੰਜਾਬ ਮਾਲਵਾ

ਸ਼ਹੀਦ ਵਰਿੰਦਰ ਸਿੰਘ ਦਾ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Advertisement
Spread Information

ਸ਼ਹੀਦ ਵਰਿੰਦਰ ਸਿੰਘ ਦਾ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

  • ਲਹਿਰਾਗਾਗਾ ਵਿਖੇ ਵੱਡੀ ਗਿਣਤੀ ਸਿਆਸੀ, ਫੌਜੀ, ਪ੍ਰਸ਼ਾਸਨਿਕ, ਸਮਾਜਿਕ ਹਸਤੀਆਂ ਨੇ ਦਿੱਤੀ ਅੰਤਿਮ ਵਿਦਾਇਗੀ

ਪਰਦੀਪ ਕਸਬਾ,ਲਹਿਰਾਗਾਗਾ/ਸੰਗਰੂਰ, 2  ਜਨਵਰੀ:2022

   ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸੁਕਮਾ ਵਿੱਚ ਨਕਸਲਬਾੜੀ ਮੁੱਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀਆਰਪੀਐਫ਼ ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼ ਕਾਂਸਟੇਬਲ ਵਰਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਉਨਾਂ ਦੇ ਘਰ ਤੋਂ ਲਹਿਰਾਗਾਗਾ ਸ਼ਹਿਰ ਵਿਖੇ ਪੁੱਜੀ ਤਾਂ ਸਾਰਾ ਮਾਹੌਲ ਗ਼ਮਗੀਨ ਹੋ ਗਿਆ। ਸਮੂਹ ਦੁਕਾਨਦਾਰਾਂ ਨੇ ਸ਼ਹੀਦ ਦੀ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਦੁਕਾਨਾਂ ਤੇ ਹੋਰ ਅਦਾਰੇ ਬੰਦ ਰੱਖੇ।
   ਸ਼ਹੀਦ ਕਾਂਸਟੇਬਲ ਵਰਿੰਦਰ  ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਲਹਿਰਾਗਾਗਾ ਦੇ ਸਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨਾਂ ਦੇ ਭਰਾ  ਵੱਲੋਂ ਅਗਨੀ ਦਿਖਾਈ ਗਈ। ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। ਸ਼ਹੀਦ ਵਰਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।
  ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ `ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰਾਂ ਨੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਤੋਂ ਇਲਾਵਾ ਸੀ ਆਰ ਪੀ ਐਫ ਤੇ ਪ੍ਰਸਾਸ਼ਨ ਦੇ ਵੱਖ ਵੱਖ ਅਧਿਕਾਰੀਆਂ ਨੇ ਵੀ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਵੱਖ ਵੱਖ ਸ਼ਖਸ਼ੀਅਤਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸ਼ਹੀਦ ਦੀ ਕੁਰਬਾਨੀ ਨੂੰ ਦੇਸ਼ ਲਈ ਵੱਡਾ ਤੇ ਅਹਿਮ ਕਰਾਰ ਦਿੱਤਾ। ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਤਰਫੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜੀ ਹੈ। ਉਨਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਸ਼ਹੀਦ ਵਰਿੰਦਰ ਸਿੰਘ ਨੂੰ ਆਪਣੇ ਚਰਨਾ `ਚ ਨਿਵਾਸ ਦੇਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ। ਇਸ ਦੌਰਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਦੇ ਵਸਨੀਕ ਤੇ ਹੋਰ ਪਤਵੰਤੇ ਵੀ ਹਜ਼ਾਰਾਂ ਦੀ ਗਿਣਤੀ `ਚ ਹਾਜ਼ਰ ਸਨ।
  ਇਸ ਮੌਕੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ  ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ ਗਈ ਹੈ ਜਿਸ ਦੌਰਾਨ ਮੁੱਖ ਮੰਤਰੀ ਵੱਲੋਂ ਸ਼ਹੀਦ ਦੀ ਸ਼ਹਾਦਤ ‘ਤੇ ਗਰਵ ਮਹਿਸੂਸ ਕਰਦਿਆਂ ਐਲਾਨ ਕੀਤਾ ਕਿ ਲਹਿਰਾਗਾਗਾ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸ਼ਹੀਦ ਦੇ ਨਾਂਅ ‘ਤੇ ਚੌਂਕ ਬਣਾ ਕੇ ਬੁੱਤ ਲਗਾਇਆ ਜਾਵੇਗਾ ਅਤੇ ਲਹਿਰਾ ਤੋਂ ਨਦਾਮਪੁਰ ਤੱਕ ਬਣਨ ਵਾਲੀ ਸੜਕ ਦਾ ਨਾਂਅ ਸ਼ਹੀਦ ਵਰਿੰਦਰ ਸਿੰਘ ਦੇ ਨਾਂਅ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ।
  ਉਨਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ ਇਸ ਜਾਂਬਾਜ਼ ਯੋਧੇ ਦੀ ਕੁਰਬਾਨੀ ਆਪਣੇ ਆਪ ਵਿੱਚ ਵੱਡੀ ਮਿਸਾਲ ਹੈ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸਾਡੇ ਸੂਰਵੀਰ ਆਪਣੀਆਂ ਜਾਨਾਂ ਤੱਕ ਨਿਛਾਵਰ ਕਰ ਦਿੰਦੇ ਹਨ ਜਿਸ `ਤੇ ਪੂਰੇ ਦੇਸ਼ ਵਾਸੀਆਂ ਨੂੰ ਮਾਣ ਹੋਣਾ ਚਾਹੀਦਾ ਹੈ। ਇਸ ਮੌਕੇ ਰਾਹੁਲਇੰਦਰ ਸਿੰਘ ਸਿੱਧੂ, ਗੋਬਿੰਦ ਸਿੰਘ ਲੌਂਗੋਵਾਲ, ਦੁਰਲੱਭ ਸਿੰਘ ਸਿੱਧੂ, ਆਈ ਜੀ ਸੀ ਆਰ ਪੀ ਐਫ ਮੂਲਚੰਦ ਪਵਾਰ, ਡਿਪਟੀ ਕਮਿਸ਼ਨਰ ਰਾਮਵੀਰ, ਐਸ ਡੀ ਐਮ ਨਵਰੀਤ ਕੌਰ ਸੇਖੋਂ, ਡੀ ਐਸ ਪੀ ਮਨੋਜ ਗੋਰਸੀ ਸਮੇਤ ਹੋਰ ਸ਼ਖਸ਼ੀਅਤਾਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।     


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!