
ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਭਾਂਬਰੀ
- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਸਿੱਧੇ ਸੰਪਰਕ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 06 ਜਨਵਰੀ 2022
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿੰਡ ਸ਼ਾਦੀਪੁਰ ਦੀ ਪੰਚਾਇਤ ਨੂੰ ਪਿੰਡ ਦੀ ਫਿਰਨੀ ਲਈ 02 ਲੱਖ ਰੁਪਏ ਦੀ ਗ੍ਰਾਂਟ ਦੇਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ।
ਸ. ਭਾਂਬਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਆਮ ਲੋਕਾਂ ਨਾਲ ਕੀਤੇ ਜਾ ਰਹੇ ਸਿੱਧੇ ਸੰਪਰਕ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਲੋਕਾਂ ਦੇ ਇਸ ਭਰੋਸੇ ਤੋਂ ਸਾਬਤ ਹੋ ਜਾਂਦਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਪਸ਼ਟ ਬਹੁਮੱਤ ਹਾਸਲ ਕਰਕੇ ਮੁੜ ਸੱਤਾ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਕੇਸਾਂ ਵਿੱਚ ਹੋਏ ਵਾਧੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਰਾਜ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਕਾਰਨ ਵਿਦਿਆਰਥੀਆਂ ਨੂੰ ਆਨ ਲਾਈਨ ਪੜ੍ਹਾਈ ਕਰਵਾਈ ਜਾਵੇਗੀ ਅਤੇ ਇਸ ਮੰਤਵ ਲਈ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਇੰਟਰਨੈਟ ਭੱਤੇ ਵਜੋਂ 2000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਕਿਸੇ ਕਿਸਮ ਦੀ ਘਾਟ ਕਾਰਨ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਨਾ ਹੋ ਸਕੇ।
ਚੇਅਰਮੈਨ ਭਾਂਬਰੀ ਨੇ ਕਿਹਾ ਕਿ ਕੋਰੋਨਾ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਬਜੁਰਗਾਂ, ਵਿਧਵਾਵਾਂ, ਨਿਆਸ਼ਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਕਤੀਆਂ ਨੂੰ ਵੀ ਹਰੇਕ ਮਹੀਨੇ ਮਿਲਣ ਵਾਲੀ ਪੈਨਸ਼ਨ ਤੋਂ ਇਲਾਵਾ 1,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ ਜੋ ਉਨ੍ਹਾਂ ਦੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਤਹਿਤ ਹਰੇਕ ਰਜਿਸਟਰਡ ਗਊਸ਼ਾਲਾ ਨੂੰ 05 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰ ਨੇ ਸਾਰੀਆਂ ਗਊਸ਼ਾਲਾਵਾਂ ਦੇ 19 ਕਰੋੜ ਦੇ ਬਕਾਇਆ ਬਿਜਲੀ ਬਿਲ ਵੀ ਮੁਆਫ ਕੀਤੇ ਗਏ ਹਨ। ਜੋ ਕਿ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਲਈ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਪਿੰਡ ਸ਼ਾਦੀਪੁਰ ਦੀ ਪੰਚਾਇਤ ਨੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਸਬੰਧੀ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਸ. ਭਾਂਬਰੀ ਨੇ ਹਮੇਸ਼ਾਂ ਹੀ ਜਿ਼ਲ੍ਹੇ ਦੇ ਲੋਕਾਂ ਦੀ ਅਗਵਾਈ ਕੀਤੀ ਹੈ ਜਿਸ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ। ਇਸ ਮੌਕੇ ਪੰਚ ਅਮਰਜੀਤ ਸਿੰਘ, ਪੰਚ ਬਚਨ ਸਿੰਘ, ਗੁਰਦੀਪ ਸਿੰਘ ਅਤੇ ਗੁਰਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।


